ਮੋਹਾਲੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਪਣੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏਪੰਜਾਬ ਦੀਆਂ ਵੱਖ ਵੱਖ ਥਾਵਾਂ ਤੋਂ ਨਵੀਂ ਦਿੱਲੀ ਏਅਰਪੋਰਟ ਤੱਕ ਸੁਪਰ ਲਗਜ਼ਰੀ ਬੱਸਾਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਨਾਲ ਟਰਾਂਸਪੋਰਟ ਮਾਫੀਏ ਨੂੰ ਵੱਡੀ ਢਾਹ ਲੱਗੇਗੀ। ਇਹ ਬਿਆਨ ਜਾਰੀ ਕਰਦੇ ਹੋਏ ਆਮ ਪਾਰਟੀ ਦੇ ਮੋਹਾਲੀ ਤੋਂ ਵਿਧਾਇਕ ਸ.ਕੁਲਵੰਤ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਸਾਡੇ ਐਨ.ਆਰ.ਆਈ ਭਰਾਂਵਾ ਨੂੰ ਕਾਫੀ ਰਾਹਤ ਮਿਲੇਗੀ।
ਇਸ ਨਾਲ ਹੀ ਪੰਜਾਬ ਦੇ ਵਸਨੀਕਾਂ ਲਈ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਦਾ ਸਫਰ ਕਫਾਇਤੀ ਰੇਟਾਂ ਤੇ ਅਰਾਮਦਾਇਕ ਅਤੇ ਆਨੰਦਮਈ ਹੋ ਜਾਵੇਗਾ। ਸ.ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਰ ਖੇਤਰ ਵਿੱਚ ਜਨਤਾ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮਾਫੀਆ ਰਾਜ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਭ ਜਾਣਦੇ ਹਨ ਕਿ ਵੱਡੇ ਪਰਿਵਾਰਾਂ ਦੀਆਂ ਪ੍ਰਾਈਵੇਟ ਬੱਸਾਂ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲ ਕੇ ਦਿੱਲੀ ਏਅਰਪੋਰਟ ਤੱਕ ਚਲਦੀਆਂ ਸਨ ਜਦਕਿ ਸਰਕਾਰੀ ਬੱਸਾਂ ਨੂੰ ਇਹ ਇਜ਼ਾਜਤ ਨਹੀਂ ਦਿੱਤੀ ਗਈ ਸੀ।