ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਦੀ ਤਰਫੋਂ ਇੱਕ ਟੀਵੀ ਚੈਨਲ ਦੀ ਬਹਿਸ ਵਿੱਚ ਪੈਗੰਬਰ ਮੁਹੰਮਦ ਬਾਰੇ ਵਿਵਾਦਤ ਟਿੱਪਣੀ ਨੂੰ ਲੈ ਕੇ ਹੋਏ ਵਿਵਾਦ ਦਰਮਿਆਨ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪੱਛਮੀ ਬੰਗਾਲ ਦੇ ਹਾਵੜਾ ਜ਼ਿਲੇ 'ਚ ਅੱਜ ਫਿਰ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਹੋਈਆਂ। ਇਸ ਮਾਮਲੇ 'ਚ 70 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਹਾਵੜਾ ਜ਼ਿਲ੍ਹੇ ਵਿੱਚ 13 ਜੂਨ ਤੱਕ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਾਵੜਾ ਦੇ ਕਈ ਇਲਾਕਿਆਂ 'ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਹਿੰਸਕ ਘਟਨਾਵਾਂ ਪਿੱਛੇ ਭਾਜਪਾ ਦਾ ਹੱਥ- ਸੀਐਮ ਮਮਤਾ
ਸੀਐਮ ਮਮਤਾ ਬੈਨਰਜੀ ਨੇ ਟਵੀਟ ਕੀਤਾ, ''ਹਾਵੜਾ 'ਚ ਹਿੰਸਕ ਘਟਨਾਵਾਂ ਹੋ ਰਹੀਆਂ ਹਨ, ਜਿਸ ਦੇ ਪਿੱਛੇ ਕੁਝ ਸਿਆਸੀ ਪਾਰਟੀਆਂ ਦਾ ਹੱਥ ਹੈ ਅਤੇ ਉਹ ਦੰਗੇ ਕਰਵਾਉਣਾ ਚਾਹੁੰਦੇ ਹਨ, ਪਰ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਵੜਾ ਜ਼ਿਲ੍ਹੇ ਦੇ ਡੋਮਜੂਰ ਥਾਣੇ ਵਿੱਚ ਅੱਜ ਭੰਨਤੋੜ ਕੀਤੀ ਗਈ। ਪ੍ਰਦਰਸ਼ਨਕਾਰੀਆਂ ਕਾਰਨ ਕਈ ਦੁਕਾਨਾਂ ਸੜ ਗਈਆਂ। ਇਲਾਕੇ 'ਚ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ।