Wednesday, April 02, 2025

Punjab

ਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’  ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ ਨੂੰ ਹੜੱਪਣ ਨਹੀਂ ਦੇਵੇਗੀ: ‘ਆਪ’

CM Bhagwant Mann

June 12, 2022 06:05 PM

ਚੰਡੀਗੜ੍ਹ : ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’  ਪੰਜਾਬ ਦੀ ਵਿਰਾਸਤ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਵਿਰਾਸਤ ਨੂੰ ਕਿਸੇ ਵੀ ਕੀਮਤ ’ਤੇ ਹੜੱਪਣ ਨਹੀਂ ਦੇਵੇਗੀ। ਮੋਦੀ ਸਰਕਾਰ ਵੱਲੋਂ ਪੰਜਾਬ ਦੀਆਂ ਵਿਰਾਸਤੀ ਸਿੱਖਿਆ ਸੰਸਥਾਵਾਂ ’ਤੇ ਕਬਜਾ ਕਰਨ ਦੀ ਸੋਚ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ।’ ਇਹ ਪ੍ਰਗਟਾਵਾ ਕਰਦਿਆ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ’ਤੇ ਪੰਜਾਬ ਦੇ ਸਾਧਨਾਂ ਅਤੇ ਵਿਰਾਸਤੀ ਸੰਸਥਾਵਾਂ ’ਤੇ ਕਬਜ਼ੇ ਕਰਨ ਦੋਸ਼ ਲਾਇਆ ਹੈ।
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਖੋਹਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘‘ਪੰਜਾਬ ਯੂਨੀਵਰਸਿਟੀ (ਪੀ.ਯੂ) ’ਤੇ ਪੰਜਾਬ ਸੂਬੇ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ ਹੈ। ਇਹ ਸਾਡੀ ਸ਼ਾਨਦਾਰ ਅਤੇ ਗੌਰਵਮਈ ਵਿਰਾਸਤ ਹੈ। ਪੀ. ਯੂ ਨੇ ਖੋਜ, ਖੇਡਾਂ, ਵਿਦਿਅਕ ਅਤੇ ਰਾਜਨੀਤਿਕ ਖੇਤਰਾਂ ’ਚ ਮਾਰਕੇਬਾਜ ਉਪਲੱਬਧੀਆਂ ਪ੍ਰਾਪਤ ਕੀਤੀਆਂ ਹਨ। ਪੰਜਾਬ ਦੀਆਂ ਵਿਰਾਸਤਾਂ ਅਤੇ ਹੱਕਾਂ ਦੀ ਰੱਖਿਆ ਬਾਰੇ ਆਮ ਆਦਮੀ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।’’
ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ। 
‘ਆਪ’ ਆਗੂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਅਤੇ ਵਿਰਾਸਤਾਂ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ’ਤੇ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਇਨਾਂ ਪਾਰਟੀਆਂ ਨੇ ਸੂਬੇ ਦੀਆਂ ਸਾਰੀਆਂ ਮਹਾਨ ਯੂਨੀਵਰਸਿਟੀਆਂ ਨੂੰ ਬਰਬਾਦ ਕਰ ਦਿੱਤਾ ਹੈ। ਜਾਣਬੁੱਝ ਕੇ ਆਰਥਿਕ ਤੌਰ ’ਤੇ ਕਮਜ਼ੋਰ ਕੀਤੀ ਗਈ ਪੰਜਾਬ ਯੂਨੀਵਰਸਿਟੀ ’ਤੇ ਹੁਣ ਮੋਦੀ ਸਰਕਾਰ ਇੱਕ ਸਾਜਿਸ ਤਹਿਤ ਕਬਜਾ ਕਰਨਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਵਿਲੱਖਣਤਾ ਅਤੇ ਚੜ੍ਹਦੀ ਕਲਾ ਦੇ ਜ਼ਜਬੇ ਨੂੰ ਖ਼ਤਮ ਕੀਤਾ ਜਾ ਸਕੇ। 
ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੀ ਰੱਖਿਆ ਅਤੇ ਹੋਂਦ ਬਚਾਉਣ ਪ੍ਰਤੀ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਯੂਨੀਵਰਸਿਟੀ ’ਤੇ ਮੋਦੀ ਸਰਕਾਰ ਨੂੰ ਕਬਜਾ ਨਹੀਂ ਕਰਨ ਦਿੱਤਾ ਜਾਵੇਗਾ।

Have something to say? Post your comment