ਸੰਗਰੂਰ: ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ। ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਸੁਖਬੀਰ ਬਾਦਲ ਦੀ ਮਿਲਣੀ ਸਿਆਸੀ ਸੀ। ਮਾਨ ਨੇ ਕਿਹਾ ਕਿ ਬਾਦਲ ਸੱਤਾ ਵਿੱਚ ਰਹਿੰਦਿਆਂ ਤੇ ਕੇਂਦਰ ਵਿੱਚ ਹੁੰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਵਾ ਸਕੇ। ਬਾਦਲ ਦਲ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਗ ਅਲਾਪ ਕੇ ਲੋਕਾਂ ਦਾ ਭਰੋਸਾ ਹਾਸਲ ਕਰਨਾ ਚਾਹੁੰਦਾ ਹੈ ਪਰ ਲੋਕ ਉਨ੍ਹਾਂ ਨੂੰ ਸਫਲ ਨਹੀਂ ਹੋਣ ਦੇਣਗੇ। ਮਾਨ ਨੇ ਆਖਿਆ ਕਿ ਲੰਘੀਆਂ ਪੰਜਾਬ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਤਿੰਨ ਸੀਟਾਂ ਮਿਲਣਾ ਇਸ ਗੱਲ ਦੀ ਗਵਾਹੀ ਹੈ ਕਿ ਭਵਿੱਖ ਵਿੱਚ ਅਕਾਲੀ ਦਲ ਬਾਦਲ ਦਾ ਸਿਆਸੀ ਭੋਗ ਪੈਣ ਵਾਲਾ ਹੈ। ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਜੁੜਨ ਲੱਗੇ ਹਨ। ਜੇਕਰ ਸੰਗਰੂਰ ਹਲਕੇ ਦੇ ਲੋਕ ਉਨ੍ਹਾਂ ਨੂੰ ਜਿਤਾਉਂਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਬਰਗਾੜੀ ਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਣਗੇ ਤੇ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੀ ਮੰਗ ਰੱਖਣਗੇ।