ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸਥਿਤ ਗੁਰਦੁਆਰਾ ਕਰਤ-ਏ-ਪਰਵਾਨ 'ਤੇ ਹੋਏ 'ਬਰਬਰ' ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਤਾਲਿਬਾਨ ਸ਼ਾਸਤ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਇਹ ਤਾਜ਼ਾ ਘਟਨਾ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਗੁਰਦੁਆਰੇ 'ਚ ਸ਼ਨੀਵਾਰ ਨੂੰ ਇਕ ਸਿੱਖ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ।
ਪੀਐਮ ਮੋਦੀ ਨੇ ਟਵੀਟ ਕੀਤਾ, 'ਕਾਬੁਲ ਦੇ ਕਰਤੈ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ 'ਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਗੁਰਦੁਆਰੇ 'ਤੇ "ਕਾਇਰਤਾਪੂਰਨ ਹਮਲੇ" ਦੀ ਨਿੰਦਾ ਕੀਤੀ ਅਤੇ ਕਿਹਾ ਕਿ ਭਾਰਤ ਅਫਗਾਨਿਸਤਾਨ ਦੀ ਰਾਜਧਾਨੀ ਵਿੱਚ ਵਾਪਰ ਰਹੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਟਵੀਟ ਕੀਤਾ, 'ਗੁਰਦੁਆਰਾ ਕਾਰਤੇ ਪਰਵਾਨ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਹਮਲੇ ਦੀ ਖ਼ਬਰ ਮਿਲਣ ਤੋਂ ਬਾਅਦ ਅਸੀਂ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਸਾਡੀ ਪਹਿਲੀ ਅਤੇ ਮੁੱਖ ਚਿੰਤਾ ਸਮਾਜ ਦੀ ਭਲਾਈ ਲਈ ਹੈ।