ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ 'ਚ ਹੰਗਾਮਾ ਚੱਲ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣਾ ਜਨਮ ਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਐਤਵਾਰ ਨੂੰ ਆਪਣਾ ਜਨਮ ਦਿਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਸੰਦੇਸ਼ 'ਚ ਰਾਹੁਲ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਪਰੇਸ਼ਾਨ ਹਨ ਅਤੇ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਅਜਿਹੇ 'ਚ ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਐਤਵਾਰ ਨੂੰ 52 ਸਾਲ ਦੇ ਹੋ ਗਏ ਹਨ। ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਦੁਆਰਾ ਟਵਿੱਟਰ 'ਤੇ ਪੋਸਟ ਕੀਤੇ ਸੰਦੇਸ਼ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦਾ ਮਾਹੌਲ ਬਹੁਤ ਚਿੰਤਾਜਨਕ ਹੈ। ਨੌਜਵਾਨ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ।
ਹਥਿਆਰਬੰਦ ਬਲਾਂ 'ਚ ਭਰਤੀ ਲਈ 'ਅਗਨੀਪਥ' ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ 'ਚ ਹੋ ਰਹੇ ਪ੍ਰਦਰਸ਼ਨਾਂ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਪਰੇਸ਼ਾਨ ਹਨ। ਸਾਨੂੰ ਇਸ ਸਮੇਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, ''ਮੈਂ ਦੇਸ਼ ਭਰ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਮੇਰਾ ਜਨਮ ਦਿਨ ਕਿਸੇ ਵੀ ਤਰ੍ਹਾਂ ਨਾਲ ਨਾ ਮਨਾਉਣ।''