Friday, April 04, 2025

Punjab

ਲੋਕ ਸਭਾ ਹਲਕਾ ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ : ਰਿਟਰਨਿੰਗ ਅਫ਼ਸਰ

Returning Officer

June 19, 2022 07:27 PM

ਸੰਗਰੂਰ : ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫਸਰ ਸ੍ਰੀ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਦੱਸਿਆ ਕਿ ਹਲਕੇ ਵਿੱਚ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ-ਸੰਗਰੂਰ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਸਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚੋਣਾਂ ਦੇ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ। ਉਨਾਂ ਦੱਸਿਆ ਕਿ ਹਲਕੇ ਵਿੱਚ ਕੁੱਲ 15,69,240 ਵੋਟਰ ਹਨ ਜਿਨਾਂ ਵਿੱਚ 8,30,056 ਪੁਰਸ਼, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ- 13 ਪੁਰਸ਼ ਅਤੇ 3 ਔਰਤਾਂ ਮੈਦਾਨ ਵਿੱਚ ਹਨ।

ਸੰਗਰੂਰ ਲੋਕ ਸਭਾ ਹਲਕੇ ਵਿੱਚ 23 ਜੂਨ, 2022 ਨੂੰ ਸਵੇਰੇ 8:00 ਵਜੇ ਤੋਂ ਸਾਮ 6:00 ਵਜੇ ਤੱਕ ਵੋਟਿੰਗ ਹੋਵੇਗੀ , ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ।ਚੋਣਾਂ ਦੇ ਅਮਲ ਦੌਰਾਨ ਅਮਨ-ਕਾਨੂੰਨ ਦੀ ਬਾਕਾਇਦਗੀ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਸ੍ਰੀ ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

ਉਨਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ 23 ਜੂਨ 2022 ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

Have something to say? Post your comment