Wednesday, April 02, 2025

Punjab

ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ : ਮੁੱਖ ਮੰਤਰੀ ਭਗਵੰਤ ਮਾਨ

Chief Minister Bhagwant Mann

June 21, 2022 05:09 PM

ਚੰਡੀਗੜ੍ਹ / ਸੰਗਰੂਰ :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਕਥਿਤ ਤੌਰ ’ਤੇ ਵਿਗੜਨ ਦਾ ਦੋਸ਼ ਲਾਉਣ ਦੀ ਸਖ਼ਤ ਅਲੋਚਨਾ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇੱਥੇ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ, ਕਿਉਂਕਿ ਪੰਜਾਬ ਦੇ ਲੋਕਾਂ ’ਚ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ ਅਤੇ ਇਸ ਸਾਂਝ ਨੂੰ ਕੋਈ ਵੀ ਨਹੀਂ ਤੋੜ ਸਕਦਾ। 

ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪੱਤਰਕਾਰਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਵਿਚਾਰ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਸਰਕਾਰ ਕੇਂਦਰੀ ਏਜੰਸੀਆਂ ਸਮੇਤ  ਹੋਰਨਾਂ ਪੰਜ ਸੂਬਿਆਂ ਨਾਲ ਮਿਲ ਕੇ ਪ੍ਰਸਿੱਧ ਮਹਰੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੀ ਹੱਤਿਆ ਦੀ ਜਾਂਚ ਕਰ ਰਹੀ ਹੈ। ਇਸ ਲਈ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।’

ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਤਿੰਨ ਮਹੀਨਿਆਂ ’ਚ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਪ੍ਰੇਸ਼ਾਨ ਹੋ ਰਹੀਆਂ ਹਨ। ਇਸ ਲਈ ਇਹ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਆਪਣੇ ਝੂਠੇ ਦਾਅਵਿਆਂ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਗੁੰਮਰਾਹ ਕਰਨ ਦੀਆਂ ਕੋਸ਼ਿਸਾਂ ਕਰ ਰਹੀਆਂ ਹਨ। ਇੱਥੋਂ ਤੱਕ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ’ਚ ਪੈਦਾ ਕੀਤੇ ਗਏ ਗੈਂਗਸਟਰਾਂ ਬਾਰੇ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ। ਉਨ੍ਹਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 

ਅਗਨੀਪੱਥ ਯੋਜਨਾ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਸਰਕਾਰ ਇਸ ਯੋਜਨਾ ਰਾਹੀਂ ਨਾ ਕੇਵਲ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਜਾ ਰਹੀ ਹੈ, ਸਗੋਂ ਫੌਜ ਦੇ ਅਫ਼ਸਰਾਂ ਤੇ ਜਵਾਨਾਂ ਦਾ ਮਨੋਬੱਲ ਵੀ ਤੋੜ ਰਹੀ ਹੈ। ਇਸ ਯੋਜਨਾ ਤਹਿਤ ਨੌਜਵਾਨਾਂ ਲਈ 3- 4 ਮਹੀਨਿਆਂ ਦੀ ਸਿਖਲਾਈ ਕਾਰਗਰ ਨਹੀਂ ਹੈ ਅਤੇ ਨਾ ਹੀ 4 ਸਾਲ ਦੀ ਨੌਕਰੀ ਫੌਜੀ ਜਵਾਨ ਲਈ ਕੋਈ ਮਾਅਇਨੇ ਰੱਖਦੀ ਹੈ। ਇਸ ਲਈ ਮੋਦੀ ਸਰਕਾਰ ਦੇਸ਼ ਦੀ ਬਿਹਤਰੀ ਲਈ ਇਸ ਯੋਜਨਾ ਨੂੰ ਤੁਰੰਤ ਵਾਪਸ ਲਵੇ।’’

Have something to say? Post your comment