Friday, April 04, 2025

Punjab

ਮੁੱਖ ਮੰਤਰੀ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਐਂਟੀ ਕੁਰੱਪਸ਼ਨ ਹੈਲਪਲਾਈਨ ਨੇ ਵੱਢੀਖੋਰਾਂ 'ਤੇ ਕੱਸਿਆ ਸ਼ਿਕੰਜਾ

CM Bhagwant mann

June 22, 2022 07:59 AM

ਚੰਡੀਗੜ੍ਹ : ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਨੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭ੍ਰਿਸ਼ਟਾਚਾਰ ਦੀ ਜੜ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।

ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫ.ਆਈ.ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦੇ ਇਕ ਪ੍ਰਿੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

Have something to say? Post your comment