ਚੰਡੀਗੜ੍ਹ : ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਬਾਹੂਬਲੀ ਆਗੂ ਮੁਖਤਾਰ ਅੰਸਾਰੀ ਦਾ ਨਾਂ ਵੀ ਸਾਹਮਣੇ ਆਇਆ ਹੈ। ਕੈਨੇਡਾ 'ਚ ਬੈਠੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਕ ਟੀਵੀ ਚੈਨਲ ਨਾਲ ਗੱਲਬਾਤ 'ਚ ਦਾਅਵਾ ਕੀਤਾ ਕਿ ਮੂਸੇਵਾਲਾ ਦੇ ਮੁਖਤਾਰ ਅੰਸਾਰੀ ਨਾਲ ਕਰੀਬੀ ਸਬੰਧ ਸਨ।
ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਲਈ ਸੀ। ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਦੱਸਿਆ ਕਿ ਮੂਸੇਵਾਲਾ ਨੇ ਅੰਸਾਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਗੈਂਗਸਟਰ ਦੇ ਦਾਅਵਿਆਂ ਦੀ ਜਾਂਚ ਕਰਨਗੇ।