ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਅੱਜ ਗੋਲਡਨ ਗੇਟ ਅੰਮ੍ਰਿਤਸਰ ਸਮੇਤ ਜਿਲ੍ਹੇ ਵਿੱਚ ਲਗਭਗ 18 ਥਾਵਾਂ ਉਤੇ ਮੋਦੀ ਦੇ ਪੁਤਲੇ ਫੂਕੇ ਗਏ।ਗੋਲਡਨ ਗੇਟ ਵਿਖੇ ਕਿਸਾਨਾਂ, ਮਜਦੂਰਾਂ,ਨੌਜਵਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪੰਧੇਰ,ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋ ਦੇਸ਼ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋ ਬਾਅਦ ਹੁਣ ਫੌਜ ਨੂੰ ਠੇਕੇ ਉੱਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।