ਮੋਹਾਲੀ : ਪੰਜਾਬ ਸਰਕਾਰ ਨੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 17117 ਨਵੇਂ ਘਰ ਬਣਾਏ ਜਾਣਗੇ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ 2024 ਤੱਕ ਹੋਮ ਫਾਰ ਆਲ ਪ੍ਰੋਗਰਾਮ ਤਹਿਤ 292 ਕਰੋੜ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 25,000 EWS ਘਰ ਬਣਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ 1131 ਕਰੋੜ ਰੁਪਏ ਖਰਚੇ ਜਾਣਗੇ। ਪੰਜਾਬ ਦੇ ਸ਼ਹਿਰੀ ਵਿਕਾਸ ਲਈ 2336 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਲਈ 2347 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 48.94 ਫੀਸਦੀ ਵੱਧ ਹਨ। ਜਲ ਸਰੋਤਾਂ ਦੇ ਵੱਖ-ਵੱਖ ਪ੍ਰੋਜੈਕਟਾਂ ਲਈ 2547 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 2217 ਕਿਲੋਮੀਟਰ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਤੇ 4800 ਕਿਲੋਮੀਟਰ ਨਵੀਂ ਸੜਕ ਬਣਾਈ ਜਾਵੇਗੀ।