ਅੰਮ੍ਰਿਤਸਰ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ ਸੀ। ਅੱਜ ਸਵੇਰੇ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਵਿਖੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਕਚਹਿਰੀ ਨੂੰ ਜਾਣ ਵਾਲੇ ਰਸਤਿਆਂ 'ਤੇ ਆਮ ਲੋਕਾਂ ਦੀ ਐਂਟਰੀ ਬੰਦ ਕੀਤੀ ਗਈ ਹੈ ਤੇ ਪੁਲਿਸ ਨੇ ਚੁਫੇਰਿਓਂ ਸੜਕਾਂ ਬਲਾਕ ਕੀਤੀਆਂ ਹਨ। ਸੋਮਵਾਰ ਸ਼ਾਮ ਮਾਨਸਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਨੇ 24 ਘੰਟੇ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ, ਜਿਸ ਤਹਿਤ ਬੀਤੀ ਰਾਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਤੇ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਰੱਖਿਆ ਗਿਆ ਸੀ।
ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਇੱਥੇ ਮੌਜੂਦ ਸਨ। ਬਾਹਰ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।