ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ 'ਅਗਨੀਪਥ' ਯੋਜਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਅਗਲੇ ਹਫ਼ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਪਟੀਸ਼ਨਾਂ ਨੂੰ ਅਗਲੇ ਹਫ਼ਤੇ ਢੁਕਵੇਂ ਬੈਂਚ ਦੇ ਸਾਹਮਣੇ ਸੂਚੀਬੱਧ ਕੀਤਾ ਜਾਵੇਗਾ ਜਦੋਂ ਸੁਪਰੀਮ ਕੋਰਟ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਦੁਬਾਰਾ ਖੁੱਲ੍ਹੇਗਾ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸਰਕਾਰ ਨੇ 'ਅਗਨੀਪਥ' ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ ਸਾਢੇ 17 ਤੋਂ 21 ਸਾਲ ਦੇ ਨੌਜਵਾਨਾਂ ਨੂੰ ਚਾਰ ਸਾਲ ਦੇ ਕਾਰਜਕਾਲ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 25 ਫੀਸਦੀ ਨੂੰ ਬਾਅਦ ਵਿੱਚ ਰੈਗੂਲਰ ਸੇਵਾ ਵਿੱਚ ਸ਼ਾਮਲ ਕੀਤਾ ਜਾਵੇਗਾ। ਸਰਕਾਰ ਨੇ 16 ਜੂਨ ਨੂੰ ਇਸ ਸਾਲ ਲਈ ਇਸ ਸਕੀਮ ਤਹਿਤ ਭਰਤੀ ਲਈ ਉਮਰ ਹੱਦ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਸੀ।