ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਮੁਹਿੰਮਾਂ ਵਿੱਢੀਆਂ ਗਈਆਂ ਹਨ।
ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਸਨ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਦੇ 32 ਅਪਰਾਧੀ ਅਤੇ ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ।
ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿੱਚ ਆਇਆ ਹੈ ਕਿ ਹੈਰੋਇਨ ਦੀ ਘੱਟ ਉਪਲਬਧਤਾ ਕਾਰਨ ਨਸ਼ਾ ਤਸਕਰ ਪਤਾਸ਼ਾ (ਖੰਡ ਦੀ ਬਣੀ ਰਵਾਇਤੀ ਮਠਿਆਈ), ਵਾਸ਼ਿੰਗ ਸੋਡਾ, ਨਦੀਨ-ਨਾਸ਼ਕ, ਅਤੇ ਜੜੀ-ਬੂਟੀਆਂ (ਤਰਲ ਅਤੇ ਪਾਊਡਰ) ਨੂੰ ਮਿਲਾ ਕੇ ਅਤੇ ਫਿਰ ਸਰਫੈਕਟੈਂਟ ਦੀ ਵਰਤੋਂ ਕਰਕੇ ਨਕਲੀ ਹੈਰੋਇਨ ਤਿਆਰ ਕਰਕੇ ਉਹ ਨਕਲੀ ਹੈਰੋਇਨ (ਚਿੱਟਾ) ਗਰੀਬ ਲੋਕਾਂ ਨੂੰ ਪਲਾਸਟਿਕ ਫੁਆਇਲ ਵਿੱਚ ਪਾ ਕੇ ਵੇਚ ਰਹੇ ਹਨ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਵੇਂ ਉਪਰਾਲੇ ਆਰੰਭ ਕਰਨ ਲਈ ਵੀ ਕਿਹਾ ਹੈ।