ਚੰਡੀਗੜ੍ਹ : ਇਸੇ ਸਾਲ ਯਾਨੀ ਕਿ 2021 ਦੇ 2 ਮਾਰਚ ਨੂੰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਅਨ ਅਮਰਿੰਦਰ ਸਿੰਘ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ ਸੀ। ਪਰ ਹੁਣ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜੇ ਆਪਣੇ ਭਵਿੱਖ ਬਾਰੇ ਫ਼ੈਸਲਾ ਲੈਣਾ ਹੈ ਇਸ ਕਰ ਕੇ ਉਹ ਹਾਲ ਦੀ ਘਟੀ ਆਪਣੀ ਇਸ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ। ਆਪਣੇ ਤਿਆਗ ਪੱਤਰ ਵਿੱਚ ਪ੍ਰਸ਼ਾਂਤ ਨੇ ਲਿਖਿਆ ਹੈ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਛੁੱਟੀ ਲੈਣ ਦੇ ਮੇਰੇ ਫੈਸਲੇ ਦੇ ਮੱਦੇਨਜ਼ਰ, ਮੈਂ ਤੁਹਾਡੇ ਪ੍ਰਮੁੱਖ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਦੇ ਯੋਗ ਨਹੀਂ ਹਾਂ। ਕਿਉਂਕਿ ਮੈਂ ਅਜੇ ਆਪਣੇ ਭਵਿੱਖ ਦੇ ਕੰਮ ਬਾਰੇ ਫੈਸਲਾ ਨਹੀਂ ਕੀਤਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰ ਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਇਥੇ ਦਸ ਦਈਏ ਕਿ ਪ੍ਰਸ਼ਾਂਤ ਕਿਸ਼ੋਰ ਕੋਲ ਪੰਜਾਬ ਵਿੱਚ ਕੈਬਨਿਟ ਮੰਤਰੀ ਦਾ ਦਰਜਾ ਸੀ।