ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ 'ਤੇ ਆਪਣੇ ਹੱਕ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਇੱਕ ਇੰਚ ਵੀ ਕਿਸੇ ਨੂੰ ਨਹੀਂ ਦੇਵਾਂਗੇ, ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੰਸਦ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਇਸ ਲਈ ਅਕਾਲੀ ਦਲ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ 'ਆਪ' ਦੀ ਸਰਕਾਰ ਬਣੀ ਹੈ, ਉਹ ਸਾਰੇ ਮੁੱਦਿਆਂ ਬਾਰੇ ਚੁੱਪ ਹੈ। ਅੱਜ ਤੱਕ ਕੁਝ ਸੀਐਮ ਨਹੀਂ ਬੋਲੇ ਚਾਹੇ ਉਹ ਆਪ ਦੇ ਸੰਸਦ ਮੈਂਬਰ ਦਾ ਐਸਵਾਈਐਲ 'ਤੇ ਬਿਆਨ ਹੋਵੇ ਜਾਂ ਫਿਰ BBMAB ਦਾ ਮੁੱਦਾ ਹੋਵੇ। ਸੁਖਬੀਰ ਬਾਦਲ ਨੇ ਕਿਹਾ ਕਿ ਅਸਲ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਭਗਵੰਤ ਮਾਨ ਅਸਲੀ ਮੁੱਖ ਮੰਤਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹਰਿਆਣਾ ਵਿੱਚ ਚੋਣਾਂ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਹਰਿਆਣਾ ਦੇ ਹੱਕ ਵਿੱਚ ਬਿਆਨ ਦੇ ਰਹੇ ਹਨ।