ਮੋਗਾ : ਮੋਗਾ ਵਿਚ ਕਿਸਾਨਾਂ ਦੀ ਪੁਲਿਸ ਨਾਲ ਉਸ ਵੇਲੇ ਝੜਪ ਹੋ ਗਈ ਜਦੋਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦੇ ਇਥੇ ਆਉਣ ਦੀ ਸੂਚਨਾ ਮਿਲੀ। ਤਾਜਾ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਥੇ ਪਹੁੰਚ ਗਏ ਸਨ। ਇਥੇ ਕਿਸਾਨ ਜਥੇਬੰਦੀਆਂ ਅਤੇ ਆਰਜ਼ੀ ਅਸਾਮੀਆਂ ’ਤੇ ਕੰਮ ਕਰ ਰਹੇ ਅਧਿਆਪਕਾਂ ਨੇ ਸਿੱਧੂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਅਤੇ ਰੋਸ ਮੁਜ਼ਾਹਰਾ ਕਰਦੇ ਕਿਸਾਨਾਂ ਅਤੇ ਅਧਿਆਪਕਾਂ ਵਿਚ ਝੜਪ ਵੀ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਪਾਰਟੀ ਦੀ ਮੀਟਿੰਗ ਲਈ ਲਾਏ ਪੋਸਟਰ ਵੀ ਪਾੜ ਸੁੱਟੇ ਅਤੇ ਨਾਹਰੇਬਾਜ਼ੀ ਸ਼ੁਰੂ ਕਰ ਦਿਤੀ।
ਇਸ ਦੌਰਾਨ ਪ੍ਰਦਰਸ਼ਨ ਕਰਦੇ ਯੂਨੀਅਨਾਂ ਦੇ ਆਗੂਆਂ ਨੇ ਆਪਣੇ ਬਾਰੇ ਦਸਿਆ ਕਿ ਕਾਂਗਰਸ ਸਰਕਾਰ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਜਿਵੇਂ ਹੀ ਸਰਕਾਰ ਬਣੇਗੀ ਮੁਲਾਜਮਾਂ ਨੂੰ ਪੱਕਾ ਕਰਨ ਲਈ ਪਹਿਲਾ ਕੰਮ ਕੀਤਾ ਜਾਵੇਗਾ, ਪਰ ਅਜਿਹਾ ਨਹੀਂ ਹੋਇਆ। ਹੁਣ ਚੋਣਾਂ ਨੇੜੇ ਹਨ, ਇਸ ਲਈ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਇਸੇ ਕਾਰਨ ਕਾਂਗਰਸੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਉਹ ਕਾਂਗਰਸੀਆਂ ਦੀ ਮੀਟਿੰਗ ਵਿਚ ਜਾਣਾ ਚਾਹੁੰਦੇ ਸਨ, ਪਰ ਜਦੋਂ ਉਨ੍ਹਾਂ ਨੂੰ ਰਸਤੇ ਵਿਚ ਰੋਕਿਆ ਗਿਆ ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਕਿਸਾਨ ਆਗੂ ਜਗਰੂਪ ਸਿੰਘ ਨੇ ਕਿਹਾ ਕਿ ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਫ਼ਰੰਟ ਦੇ ਸੱਦੇ ’ਤੇ ਕੀਤੇ ਜਾ ਰਹੇ ਹਨ। ਕਿਹਾ ਗਿਆ ਹੈ ਕਿ ਪਿੰਡਾਂ ਵਿਚ ਆਉਣ ਵਾਲੇ ਆਗੂਆਂ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਇਥੇ ਇਹ ਵੀ ਦਸ ਦਈਏ ਕਿ ਕਿਸਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਸਿੱਧੂ ਨੇ ਪ੍ਰਧਾਨਗੀ ਲਈ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਆਪਣੇ-ਆਪ ਨੂੰ ਖੂਹ ਅਤੇ ਕਿਸਾਨਾਂ ਨੂੰ ਪਿਆਸੇ ਦੱਸ ਦਿਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਅਤੇ ਸਿੱਧੂ ਨੇ ਅਜਿਹਾ ਕਰ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ।