ਅੰਮ੍ਰਿਤਸਰ: ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਮੋਦ ਬਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚਾਰ ਘੰਟੇ ਤੋਂ ਵੱਧ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ ਕੁੱਸਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਇੱਕ ਏਕੇ-47 ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦਿਹਾਤੀ ਪੱਟੀ ਦੇ ਪਿੰਡ ਭਕਨਾ ਕਲਾਂ ਵਿਖੇ ਹੋਇਆ। ਦੋਵੇਂ ਜੱਗੂ ਭਾਗਨਪੁਰੀਆ ਗੈਂਗ ਨਾਲ ਸਬੰਧਤ ਸਨ। ਭਗਵਾਨਪੁਰੀਆ ਨੇ ਇਨ੍ਹਾਂ ਸ਼ੂਟਰਾਂ ਨੂੰ ਮੂਸੇਵਾਲਾ ਹੱਤਿਆਕਾਂਡ ਲਈ ਲਾਰੈਂਸ ਬਿਸ਼ਨੋਈ ਨੂੰ ਮੁਹੱਈਆ ਕਰਵਾਇਆ ਸੀ। ਇਹ ਦੋਵੇਂ 52 ਦਿਨਾਂ ਤੱਕ ਪੁਲਿਸ ਤੋਂ ਫ਼ਰਾਰ ਸਨ। ਮੁਕਾਬਲੇ ਵਿੱਚ ਤਿੰਨ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਇੱਕ ਇਮਾਰਤ ਵਿੱਚ ਲੁਕੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਸਥਾਨਕ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਕਿਹਾ ਗਿਆ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਾਲ ਹੀ ਵਿੱਚ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ 21 ਜੂਨ ਨੂੰ ਮੋਗਾ ਜ਼ਿਲ੍ਹੇ ਦੇ ਸਮਾਲਸਰ ਵਿਖੇ ਰੂਪਾ ਅਤੇ ਮਨੂ ਕੁੱਸਾ ਨੂੰ ਬਾਈਕ ਸਵਾਰ ਦਿਖਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਉਰਫ਼ ਮਨੂ ਨੇ ਮੂਸੇਵਾਲਾ 'ਤੇ ਏਕੇ-47 ਰਾਈਫਲ ਨਾਲ ਗੋਲੀਬਾਰੀ ਕੀਤੀ ਸੀ।