ਚੰਡੀਗੜ/ਫਤਿਹਗੜ ਸਾਹਿਬ : ਇੱਕ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗਿ੍ਰਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈ.ਟੀ.ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲਿਆਂ ਜਿਨਾਂ ਵਿੱਚ ਫਤਹਿਗੜ ਸਾਹਿਬ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ ।
ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ।