ਨਵੀਂ ਦਿੱਲੀ : ਸੋਨੇ ਦੀਆਂ ਕੀਮਤਾਂ ਵਿੱਚ ਅੱਜ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਚਾਂਦੀ ਖਰੀਦਣਾ ਵੀ ਮਹਿੰਗਾ ਹੋ ਗਿਆ ਹੈ। ਜੇਕਰ ਤੁਹਾਡਾ ਸੋਨੇ ਦੇ ਗਹਿਣੇ ਖਰੀਦਣ ਦਾ ਪਲਾਨ ਹੈ ਤਾਂ ਹੁਣ ਤੁਹਾਨੂੰ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤੀ ਧਾਤੂਆਂ ਦੀਆਂ ਕੀਮਤਾਂ 'ਚ ਤੇਜ਼ੀ ਕਾਰਨ ਘਰੇਲੂ ਬਾਜ਼ਾਰ 'ਚ ਵੀ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 592 ਰੁਪਏ ਪ੍ਰਤੀ 10 ਗ੍ਰਾਮ ਵਧ ਕੇ 51,750 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 51,158 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਚਾਂਦੀ ਵੀ 1,335 ਰੁਪਏ ਚੜ੍ਹ ਕੇ 56,937 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 55,602 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।