ਚੰਡੀਗੜ੍ਹ: ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਪ੍ਰਦੀਪ ਛਾਬੜਾ ਨੇ ਸ਼ੁੱਕਰਵਾਰ ਸਵੇਰੇ ਇੱਕ ਪੱਤਰ ਲਿਖਿਆ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਛੇਤੀ ਹੀ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਣਗੇ, ਜਿਸ ਵਿੱਚ ਉਹ ਅਸਤੀਫੇ ਦੇ ਵੇਰਵੇ ਦੇਣਗੇ। ਦਰਅਸਲ ਚੰਡੀਗੜ੍ਹ ਕਾਂਗਰਸ ਦੇ ਅੰਦਰ ਮਤਭੇਦ ਲਗਾਤਾਰ ਵਧਦਾ ਜਾ ਰਿਹਾ ਹੈ ਕਿਉਂਕਿ ਪਾਰਟੀ ਦੇ ਪ੍ਰਧਾਨ ਸੁਭਾਸ਼ ਚਾਵਲਾ ਦੀ ਅਗਵਾਈ ਵਿੱਚ ਪਾਰਟੀ ਨੇ ਵੀਰਵਾਰ ਨੂੰ ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੂੰ ਕਾਰਨ ਦੱਸੋ ਨੋਟਿਸ ਭੇਜਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਛਾਬੜਾ ਦੇ ਬਿਆਨ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ। ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਅੱਜ ਦੁਪਹਿਰ ਤੱਕ ਛਾਬੜਾ ਨੂੰ ਕਾਰਨ ਦੱਸੋ ਨੋਟਿਸ ਭੇਜਣਾ ਸੀ, ਪਰ ਇਸ ਤੋਂ ਪਹਿਲਾਂ ਪ੍ਰਦੀਪ ਛਾਬੜਾ ਨੇ ਕਾਂਗਰਸ ਪਾਰਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਛਾਬੜਾ ਨੇ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਛਾਬੜਾ ਵੱਲੋਂ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਛੇਤੀ ਹੀ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣਗੇ। ਹਾਲਾਂਕਿ ਛਾਬੜਾ ਨੇ ਆਪਣਾ ਇਕ ਪਲੇਟਫਾਰਮ ਵੀ ਬਣਾਇਆ ਹੈ, ਜਿਸਨੂੰ ਉਹ ਗੈਰ-ਰਾਜਨੀਤਕ ਕਹਿੰਦੇ ਹੈ।