ਚੰਡੀਗੜ੍ਹ : ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਚੰਡੀਗੜ੍ਹ 'ਚ 'ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ' 'ਤੇ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਕਾਨਫਰੰਸ 'ਚ ਸ਼ਾਮਲ ਹੋਏ। ਇਸ ਦੇ ਨਾਲ ਹੀ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਦੇਸ਼ ਦੇ ਚਾਰ ਸ਼ਹਿਰਾਂ 'ਚੋਂ ਫੜੀ ਗਈ ਕਰੀਬ 31,000 ਕਿਲੋਗ੍ਰਾਮ ਡਰੱਗਜ਼ ਨੂੰ ਨਸ਼ਟ ਕਰ ਦਿੱਤਾ।
ਅਮਿਤ ਸ਼ਾਹ ਨੇ ਐਨਸੀਬੀ ਦੇ ਕੌਮੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਤਸਕਰੀ ਨੂੰ ਸਮਾਜ ਲਈ ਖ਼ਤਰਾ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਤੋਂ ਨਰਿੰਦਰ ਮੋਦੀ 2014 ਵਿੱਚ ਪ੍ਰਧਾਨ ਮੰਤਰੀ ਬਣੇ ਹਨ, ਭਾਰਤ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਤੇਜ਼ੀ ਨਾਲ ਜਾਰੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2006-2013 ਦੇ ਮੁਕਾਬਲੇ 2014-2022 ਦਰਮਿਆਨ ਪਿਛਲੇ 8 ਸਾਲਾਂ ਦੌਰਾਨ ਲਗਭਗ 200 ਫੀਸਦੀ ਜ਼ਿਆਦਾ ਮਾਮਲੇ ਦਰਜ ਹੋਏ ਹਨ, ਜਿਨ੍ਹਾਂ 'ਚ ਤੇਜ਼ੀ ਨਾਲ ਕਾਰਵਾਈ ਕਰਨ ਨਾਲ ਗ੍ਰਿਫਤਾਰੀਆਂ ਦੀ ਗਿਣਤੀ 260 ਫੀਸਦੀ ਵਧੀ ਹੈ। ਇਸ ਦੌਰਾਨ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ 2006 ਤੋਂ 2013 ਦਰਮਿਆਨ 1.52 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਫੜੇ ਗਏ ਸਨ, ਜਦਕਿ 2014 ਤੋਂ 2022 ਦਰਮਿਆਨ 3.3 ਲੱਖ ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ। ਅੰਕੜਿਆਂ ਅਨੁਸਾਰ 2006 ਤੋਂ 2013 ਤੱਕ 768 ਕਰੋੜ ਰੁਪਏ ਦੇ ਨਸ਼ੇ ਫੜੇ ਗਏ, ਜਦੋਂ ਕਿ 2014 ਤੋਂ 2021 ਤੱਕ ਭਾਰਤ ਸਰਕਾਰ 20 ਹਜ਼ਾਰ ਕਰੋੜ ਰੁਪਏ ਦੇ ਨਸ਼ਿਆਂ ਨੂੰ ਫੜਨ ਅਤੇ ਨਸ਼ਟ ਕਰਨ ਦੀ ਮੁਹਿੰਮ ਚਲਾ ਰਹੀ ਹੈ।