Wednesday, April 02, 2025

Punjab

ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸਤਿਕਾਰ ਵਜੋਂ ਸੁਨਾਮ ‘ਚ ਲੋਕ ਪੱਖੀ ਪ੍ਰੋਜੈਕਟ ਦਾ ਰੱਖਣਗੇ ਨੀਂਹ ਪੱਥਰ : ਅਮਨ ਅਰੋੜਾ

Cabinet minister Aman Arora

July 31, 2022 07:43 AM

ਸੰਗਰੂਰ : ਸੁਨਾਮ ਊਧਮ ਸਿੰਘ ਵਾਲਾ ਵਿਖੇ 31 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਨੂੰ ਸਤਿਕਾਰ ਭੇਂਟ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ‘ਚ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਤੋਂ ਆਜ਼ਾਦੀ ਦਵਾਉਣ ਲਈ ਆਪਣੀਆਂ ਜਾਨਾਂ ਤੇ ਜਵਾਨੀਆਂ ਵਾਰਨ ਵਾਲੇ ਆਜ਼ਾਦੀ ਘੁਲ਼ਾਟੀਆਂ ਦਾ ਪੰਜਾਬ ਸਰਕਾਰ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲਈ ਇਸ ਸਮਾਗਮ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਮਾਗਮ ਸੁਨਾਮ ਸ਼ਹਿਰ ਦੀ ਦਾਣਾ ਮੰਡੀ ‘ਚ ਮਨਾਇਆ ਜਾਣਾ ਸੀ ਪਰ ਖ਼ਰਾਬ ਮੌਸਮ ਦੇ ਮੱਦਨਜ਼ਰ ਹੁਣ ਪਟਿਆਲਾ ਰੋਡ ‘ਤੇ ਸਥਿਤ ਨਿਊ ਮਹਾਰਾਜਾ ਮੱਲ੍ਹੀ ਪੈਲੇਸ ‘ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਜੀਦਗੀ ਨਾਲ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਗਤੀਵਿਧੀਆਂ ਉਲੀਕ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਬਦਲਾਅ ਦੀ ਰਾਜਨੀਤੀ ਨੂੰ ਮੁੱਖ ਰੱਖ ਕੇ ਸੱਤਾ ‘ਚ ਆਈ ਹੈ ਅਤੇ ਸੂਬੇ ‘ਚ ਸਾਰਥਕ ਤਬਦੀਲੀਆਂ ਲੈ ਕੇ ਆਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ।

ਸ਼੍ਰੀ ਅਰੋੜਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਉਤਸ਼ਾਹ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ‘ਚ ਸ਼ਾਮਲ ਹੋਣ ਲਈ ਸੁਨਾਮ ਪਹੁੰਚਣ। ਉਨ੍ਹਾਂ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਪਹੁੰਚਣ ਤੋਂ ਅਸਮਰੱਥ ਦੇਸ਼ ਪ੍ਰੇਮੀ ਆਪੋ-ਆਪਣੇ ਘਰਾਂ ਤੋਂ ਹੀ ਦੇਸ਼ ਦੇ ਮਹਾਨ ਸਪੂਤ ਨੂੰ ਸ਼ਰਧਾਂਜਲੀ ਜ਼ਰੂਰ ਭੇਂਟ ਕਰਨ।

Have something to say? Post your comment