Friday, April 04, 2025

Punjab

ਮੁੱਖ ਮੰਤਰੀ ਵੱਲੋਂ ਪੀਪੀਐਸਸੀ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ

Chief Minister Bhagwant Mann

August 03, 2022 08:08 PM

ਚੰਡੀਗੜ੍ਹ : ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨ੍ਹਾਂ ਮੈਂਬਰਾਂ ਉਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਬਚਾਇਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ ਵਿੱਚ ਅਜਿਹੇ ਹੋਰ ਵੀ ਫੈਸਲੇ ਲਏ ਜਾਣਗੇ।

Have something to say? Post your comment