Wednesday, April 02, 2025

Punjab

75ਵੀਂ ਅਜ਼ਾਦੀ ਦੀ ਵਰ੍ਹੇਗੰਢ 'ਤੇ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

Captain Amarinder Singh

August 09, 2022 06:22 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ 'ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

ਸਾਬਕਾ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋਕਿ ਉਨ੍ਹਾਂ ਦਾ ਹੱਕ ਵੀ ਹੈ।’’

ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ 'ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ 'ਤੇ ਵੀ ਹੱਕਦਾਰ ਹਨ, ਉਹਨਾ ਨੇ ਇਹ ਟਿੱਪਣੀ ਕੀਤੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ।

ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜ਼ਾਦੀ ਦਿੱਤੀ ਜਾਵੇ।”

Have something to say? Post your comment