Friday, April 04, 2025

Punjab

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਇਕ ਹੋਰ ਵਾਅਦਾ ਕੀਤਾ ਪੂਰਾ, ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

Chief Minister Bhagwant mann

August 12, 2022 08:21 PM

ਚੰਡੀਗੜ੍ਹ : ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੀਰਵਾਰ (11 ਅਗਸਤ) ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਜੋ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਵੀ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 100 ਕਰੋੜ ਰੁਪਏ ਸਰਕਾਰ ਵੱਲੋਂ ਲੰਘੀ 29 ਜੁਲਾਈ ਨੂੰ ਅਦਾ ਕੀਤੇ ਗਏ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗੰਨਾ ਕਿਸਾਨਾਂ ਦਾ ਹੁਣ ਸ਼ੂਗਰਫੈੱਡ ਵੱਲ 195.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਸੀ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 100 ਕਰੋੜ ਰੁਪਏ 15 ਅਗਸਤ ਤੱਕ ਜਾਰੀ ਕਰ ਦਿੱਤੇ ਜਾਣਗੇ ਜਦਕਿ ਬਾਕੀ 95.60 ਕਰੋੜ ਰੁਪਏ ਦਾ ਬਕਾਇਆ 7 ਸਤੰਬਰ ਤੱਕ ਨਿਪਟਾ ਦਿੱਤਾ ਜਾਵੇਗਾ। ਇਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਵੀਰਵਾਰ ਨੂੰ ਸ਼ੂਗਰਫੈੱਡ ਰਾਹੀਂ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਵੀ ਕਰਵਾ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਾਰੇ ਬਕਾਏ ਅਦਾ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ 7 ਸਤੰਬਰ ਤੱਕ ਕਿਸਾਨਾਂ ਦੇ ਖੰਡ ਮਿੱਲਾਂ ਵੱਲ ਬਕਾਏ ਅਦਾ ਕਰ ਦੇਣਗੀਆਂ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀਆਂ ਹਨ। ਇਹ ਅਦਾਇਗੀ ਸਾਲ 2021-22 ਦੇ ਸੀਜ਼ਨ ਦੀ ਹੈ ਅਤੇ ਸੂਬਾ ਸਰਕਾਰ ਬਕਾਏ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਚਨਬੱਧ ਹੈ।

Have something to say? Post your comment