ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "75ਵੇਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ" ਮੌਕੇ ਪੰਜਾਬ ਦੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ "ਅੰਮ੍ਰਿਤ ਮਹਾਂਉਤਸਵ" ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ 'ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ। ਮੰਤਰੀ ਨੇ ਕਿਹਾ ਕਿ ਹੁਣ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।