Thursday, April 03, 2025

Punjab

ਇਕ ਵਿਧਾਇਕ, ਇਕ ਪੈਨਸ਼ਨ ਬਿੱਲ ਨੂੰ ਰਾਜਪਾਲ ਵੱਲੋਂ ਮਨਜ਼ੂਰੀ, ਨੋਟੀਫਿਕੇਸ਼ਨ ਜਾਰੀ

Chief Minister Bhagwant mann

August 13, 2022 05:15 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਕ ਵਿਧਾਇਕ ਇਕ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ ਆਦਮੀ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਵਰਗ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲ ਸੇਵਕ ਵਜੋਂ ਕੰਮ ਕਰਨਗੇ। ਉਨ੍ਹਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ਰਾਜਨੀਤਿਕ ਅਧਿਕਾਰੀ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਕਰਦਾਤਾਵਾਂ 'ਤੇ ਪੈਂਦਾ ਹੈ ਕਿਉਂਕਿ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਵਰਤਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ 'ਤੇ ਬਰਬਾਦ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ ਵਿੱਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਰਕਾਰ ਦੀ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕਾਂ ਨੂੰ ਵੀ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਬਰਾਬਰੀ 'ਤੇ ਆਧਾਰਤ ਸਮਾਜ ਦੀ ਸਿਰਜਣਾ ਲਈ ਮਾਤ ਭੂਮੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਅਤੇ ਸੂਬੇ ਦੀ 'ਰੰਗਲਾ ਪੰਜਾਬ' ਵਜੋਂ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ, ਲੋਕਾਂ ਦੀ ਸੇਵਾ ਹੈ ਅਤੇ ਇਸ ਨੂੰ ਕਰਦੇ ਹੋਏ ਵਿਧਾਇਕਾਂ ਨੂੰ ਵੱਡੀਆਂ ਪੈਨਸ਼ਨਾਂ ਦੀ ਲੋੜ ਨਹੀਂ ਹੈ ਅਤੇ ਉਹ ਵੀ ਹਰੇਕ ਕਾਰਜਕਾਲ ਲਈ ਵੱਖਰੀ ਪੈਨਸ਼ਨ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕ ਆਪਣੀ ਇੱਛਾ ਅਨੁਸਾਰ ਹੀ ਰਾਜਨੀਤੀ ਵਿੱਚ ਆਏ ਹਨ ਅਤੇ ਲੋਕਾਂ ਦੀ ਇਸ ਸੇਵਾ ਦੇ ਬਦਲੇ ਇਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਉਨ੍ਹਾਂ ਦੀ ਕੋਈ ਨੈਤਿਕ ਜ਼ਿੰਮੇਵਾਰੀ ਨਹੀਂ ਬਣਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ।

Have something to say? Post your comment