ਮਿਸਰ ਦੇ ਇੱਕ ਚਰਚ ਵਿੱਚ ਭਿਆਨਕ ਅੱਗ ਲੱਗਣ ਮਗਰੋਂ ਭਗਦੜ ਮੱਚ ਗਈ। ਇਸ ਹਾਦਸੇ ਵਿੱਚ 41 ਲੋਕਾਂ ਦੀ ਮੌਤ ਹੋ ਗਈ ਹੈ। ਮਿਸਰ ਦੇ ਕੋਪਟਿਕ ਚਰਚ ਦਾ ਕਹਿਣਾ ਹੈ ਕਿ ਕਾਹਿਰਾ ਵਿੱਚ ਇੱਕ ਚਰਚ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 41 ਲੋਕ ਮਾਰੇ ਗਏ ਹਨ ਅਤੇ 14 ਜ਼ਖਮੀ ਹੋ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਬਿਜਲੀ ਦਾ ਸ਼ਾਰਟ ਸਰਕਟ ਅੱਗ ਲੱਗਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਅੱਗ ਐਤਵਾਰ ਸਵੇਰੇ ਉਦੋਂ ਲੱਗੀ ਜਦੋਂ ਮੀਟਿੰਗ ਚੱਲ ਰਹੀ ਸੀ। ਅੱਗ 'ਤੇ ਕਾਬੂ ਪਾਉਣ ਲਈ 15 ਫਾਇਰ ਟੈਂਡਰ ਮੌਕੇ 'ਤੇ ਰਵਾਨਾ ਕੀਤੇ ਗਏ ਹਨ ਜਦਕਿ ਜ਼ਖਮੀਆਂ ਨੂੰ ਐਂਬੂਲੈਂਸਾਂ ਰਾਹੀਂ ਨੇੜਲੇ ਹਸਪਤਾਲਾਂ 'ਚ ਪਹੁੰਚਾਇਆ ਗਿਆ ਹੈ। ਅੱਗ ਬੁਝਾਊ ਅਮਲੇ ਨੇ ਬਾਅਦ 'ਚ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਰਾਸ਼ਟਰਪਤੀ ਦੇ ਦਫਤਰ ਨੇ ਕਿਹਾ ਕਿ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਕਪਟਿਕ ਕ੍ਰਿਸ਼ਚੀਅਨ ਪੋਪ ਤਾਵਾਦਰੋਸ II ਨਾਲ ਫੋਨ 'ਤੇ ਗੱਲ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅਲ-ਸੀਸੀ ਨੇ ਫੇਸਬੁੱਕ 'ਤੇ ਲਿਖਿਆ, "ਮੈਂ ਇਸ ਦੁਖਦਾਈ ਹਾਦਸੇ ਦੇ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਮੈਂ ਸਾਰੀਆਂ ਸਬੰਧਤ ਰਾਜ ਏਜੰਸੀਆਂ ਅਤੇ ਸੰਸਥਾਵਾਂ ਨੂੰ ਸਾਰੇ ਜ਼ਰੂਰੀ ਉਪਾਅ ਕਰਨ ਅਤੇ ਇਸ ਹਾਦਸੇ ਅਤੇ ਇਸ ਦੇ ਪ੍ਰਭਾਵਾਂ ਨਾਲ ਤੁਰੰਤ ਨਜਿੱਠਣ ਲਈ ਨਿਰਦੇਸ਼ ਦਿੱਤਾ ਹੈ।"