ਪਟਿਆਲਾ : ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਸਮਾਗਮ 'ਚ ਉਨ੍ਹਾਂ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਲਾਲ ਘਨੌਰ, ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ।
ਸ਼ਾਨਦਾਰ ਪਰੇਡ ਦੇ ਨਿਰੀਖਣ ਤੋਂ ਬਾਅਦ ਵਿੱਤ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ ਸਮੇਤ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਸਨਮਾਨ ਕੀਤਾ।
ਇਸ ਮਗਰੋਂ ਆਪਣੇ ਸੰਦੇਸ਼ 'ਚ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੇਸ਼ ਦੇ ਮਹਾਨ ਸ਼ਹੀਦਾਂ, ਵੱਖ-ਵੱਖ ਲਹਿਰਾਂ ਦੇ ਸ਼ਹੀਦਾਂ ਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਸੰਘਰਸ਼ਾਂ 'ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।
ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਵੱਲੋਂ 80 ਫੀਸਦੀ ਤੋਂ ਵੱਧ ਦਿੱਤੀਆਂ ਕੁਰਬਾਨੀਆਂ ਦੇ ਹਵਾਲੇ ਨਾਲ ਵਿੱਤ ਮੰਤਰੀ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹਾਨ ਸ਼ਹੀਦ ਭਗਤ ਸਿੰਘ ਤੇ ਡਾ. ਬੀ.ਆਰ. ਅੰਬੇਦਕਰ ਤੋਂ ਸੇਧ ਲੈਣ ਲਈ ਇਨ੍ਹਾਂ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਾਉਣ ਦਾ ਫ਼ੈਸਲਾ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਕਰੀਬ 5 ਮਹੀਨਿਆਂ 'ਚ ਲਏ ਗਏ ਇਤਿਹਾਸਕ ਤੇ ਸੁਹਿਰਦ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਚੰਗੇਰੀ ਬਣਾਉਣ ਅਤੇ ਵਧੇਰੇ ਮਾਲੀਆ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਅੱਗੇ ਵੱਧ ਰਹੀ ਹੈ। ਉਨ੍ਹਾਂ ਨੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਦੀ ਜੀ.ਐਸ.ਟੀ ਵਸੂਲੀ 'ਚ 24.15 ਫੀਸਦੀ ਤੇ ਆਬਕਾਰੀ ਵਸੂਲੀ 'ਚ 41.23 ਫੀਸਦੀ ਦੀ ਵਿਕਾਸ ਦਰ ਨੂੰ ਵੀ ਵਿਕਾਸ ਅਤੇ ਵਿੱਤੀ ਹਾਲਤ ਲਈ ਚੰਗਾ ਸੰਕੇਤ ਦੱਸਿਆ।
ਵਿੱਤ ਮੰਤਰੀ ਸ. ਚੀਮਾ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਮੇਤ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ ਘਟਾਉਣ ਤੋਂ ਇਲਾਵਾ ਹੋਰ ਅਨੇਕਾਂ ਲੋਕ ਹਿੱਤੂ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹੁਣ ਸਰਕਾਰੀ ਪੈਸੇ ਨੂੰ ਬਚਾ ਕੇ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ। ਉਨ੍ਹਾਂ ਨੇ ਆਮ ਆਦਮੀ ਕਲੀਨਿਕ ਸਥਾਪਿਤ ਕਰਨ ਦੇ ਫ਼ੈਸਲੇ ਨੂੰ ਸੂਬੇ ਦੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਉਪਲੱਬਧ ਕਰਵਾਉਣ ਲਈ ਮੀਲ ਪੱਥਰ ਕਰਾਰ ਦਿੱਤਾ।