ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੰਗਲਾ ਪੰਜਾਬ’ ਬਣਾਉਣ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਨੂੰ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਖ਼ਿਲਾਫ਼ ਜੰਗ ਵਿੱਢਣ ਦਾ ਸੱਦਾ ਦਿੱਤਾ।
ਇੱਥੇ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਦੀ ਜੜ੍ਹ ਵੱਢ ਸੁੱਟੀਏ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਸਰਕਾਰ ਇਸ ਮਹਾਨ ਕਾਰਜ ਲਈ ਦ੍ਰਿੜ੍ਹ ਸੰਕਲਪ ਹੈ ਪਰ ਇਹ ਮਿਸ਼ਨ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਹਰੇਕ ਭਾਰਤੀ ਲਈ ਮਾਣ ਤੇ ਸਤਿਕਾਰ ਦਾ ਮੌਕਾ ਹੈ ਕਿ ਦੇਸ਼ ਦੀ ਆਜ਼ਾਦੀ ਤੇ ਜਮਹੂਰੀ ਗਣਤੰਤਰ ਨੂੰ ਅੱਜ 75 ਵਰ੍ਹੇ ਪੂਰੇ ਹੋਏ ਹਨ। ਦੇਸ਼-ਵਿਦੇਸ਼ ਵਿੱਚ ਵਸਦੇ ਹਰੇਕ ਭਾਰਤ ਵਾਸੀ ਖ਼ਾਸ ਤੌਰ ਉਤੇ ਪੰਜਾਬੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਅਤੇ ਅਸੀਂ ਖ਼ੁਸ਼ਕਿਸਮਤ ਹਾਂ, ਜੋ ਇਸ ਮੌਕੇ ਦੇ ਗਵਾਹ ਬਣੇ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਰਾਹ ਕਾਫ਼ੀ ਲੰਮੀ ਤੇ ਚੁਣੌਤੀ ਭਰਪੂਰ ਸੀ ਪਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਦੀ ਰਾਹ ਵੀ ਉਨੀ ਹੀ ਮੁਸ਼ਕਲ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਕਾਲੋਨੀ ਵਜੋਂ ਸਾਡੇ ਮੁਲਕ ਨੂੰ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪਿਆ। ਕੌਮੀ ਨਾਇਕਾਂ ਵੱਲੋਂ ਸਮਰਪਣ ਤੇ ਬਹਾਦਰੀ ਨਾਲ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਨਾਲ ਹੀ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਵੱਢੀਆਂ ਜਾ ਸਕੀਆਂ। ਉਨ੍ਹਾਂ ਕਿਹਾ ਕਿ ਬਰਤਾਨਵੀ ਅੱਤਿਆਚਾਰ ਵਿਰੁੱਧ ਲੜਾਈ ਵਿੱਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਕਈ ਹੋਰ ਸੁਤੰਤਰਤਾ ਸੰਗਰਾਮੀਆਂ ਨੇ ਸਾਡੇ ਲਈ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਖ਼ੂਨ ਡੋਲਿਆ।