ਦਿੱਲੀ : ਸੀਬੀਆਈ ਦੀ ਟੀਮ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ। 14 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਸੀਬੀਆਈ ਦੀ ਟੀਮ ਉਸ ਦੇ ਘਰੋਂ ਬਾਹਰ ਆਈ। ਫਿਲਹਾਲ ਸਿਸੋਦੀਆ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ।
ਇੱਕ ਪਾਸੇ ਆਮ ਆਦਮੀ ਪਾਰਟੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ ਨੂੰ ਬਦਲੇ ਦੀ ਰਾਜਨੀਤੀ ਕਰਾਰ ਦੇ ਰਹੀ ਹੈ। ਇਸ ਦੇ ਨਾਲ ਹੀ ਹੁਣ ਈਡੀ ਦਿੱਲੀ ਆਬਕਾਰੀ ਨੀਤੀ 'ਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਦੇ ਸਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੇ ਪਹਿਲੂ ਦੀ ਜਾਂਚ ਸ਼ੁਰੂ ਕਰ ਸਕਦਾ ਹੈ।
ਮਨੀਸ਼ ਸਿਸੋਦੀਆ ਲਈ ਰਾਹਤ ਦੀ ਗੱਲ ਹੈ ਕਿ ਈਡੀ ਮਨੀ ਲਾਂਡਰਿੰਗ ਦੀ ਜਾਂਚ ਕਰਨ ਤੋਂ ਪਹਿਲਾਂ ਸੀਬੀਆਈ ਮਾਮਲੇ ਦੇ ਵੇਰਵੇ ਅਤੇ ਵੱਖ-ਵੱਖ ਸਰਕਾਰੀ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦੀ ਜਾਂਚ ਕਰੇਗੀ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ, ਸੀਬੀਆਈ ਨੇ ਸ਼ੁੱਕਰਵਾਰ ਨੂੰ ਉਪ ਮੁੱਖ ਮੰਤਰੀ ਸਿਸੋਦੀਆ ਅਤੇ ਇੱਕ ਆਈਏਐਸ ਅਧਿਕਾਰੀ ਆਰਵ ਗੋਪੀ ਕ੍ਰਿਸ਼ਨਾ ਦੇ ਟਿਕਾਣਿਆਂ ਤੋਂ ਇਲਾਵਾ 19 ਥਾਵਾਂ 'ਤੇ ਛਾਪੇਮਾਰੀ ਕੀਤੀ।