Wednesday, April 02, 2025

Punjab

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਸੂਰ ਮਾਰਨ 'ਤੇ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

Laljit Singh Bhullar

August 21, 2022 05:22 AM

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਸੂਰ ਕਲਿੰਗ ਲਈ ਬਣਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੀ ਘੜੀ 'ਚ ਸੂਰ ਪਾਲਕਾਂ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਦੋ ਥਾਵਾਂ 'ਤੇ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ 'ਚ ਸੂਰਾਂ ਦੀ ਕਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ 'ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਬੀਮਾਰੀ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੀਤੀ ਤਹਿਤ ਪ੍ਰਭਾਵਿਤ ਖੇਤਰ ਵਿੱਚ ਸੂਰਾਂ ਦੀ ਨਸ਼ਟ ਕੀਤੀ ਗਈ ਖੁਰਾਕ ਦਾ ਮੁਆਵਜ਼ਾ ਵੀ ਸੂਰ ਪਾਲਕਾਂ ਨੂੰ ਦਿੱਤਾ ਜਾਵੇਗਾ।

ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਫ਼ਰੀਕਨ ਸਵਾਈਨ ਫ਼ੀਵਰ ਪਸ਼ੂਆਂ ਤੋਂ ਮਨੁੱਖਾਂ ਵਿੱਚ ਨਹੀਂ ਫੈਲਦਾ। ਇਸ ਲਈ ਮਨੁੱਖ ਜਾਂ ਹੋਰ ਪਸ਼ੂਆਂ ਨੂੰ ਇਸ ਤੋਂ ਲਾਗ ਲੱਗਣ ਦਾ ਕੋਈ ਡਰ ਨਹੀਂ।

ਮੰਤਰੀ ਨੇ ਦੱਸਿਆ ਕਿ ਇਸ ਲਾਗ ਦੀ ਬੀਮਾਰੀ "ਅਫ਼ਰੀਕਨ ਸਵਾਈਨ ਫ਼ੀਵਰ" ਨੂੰ ਹੋਰ ਫੈਲਣ ਤੋਂ ਰੋਕਣ, ਅਗਾਊਂ ਇਹਤਿਆਤ ਅਤੇ ਲੋੜੀਂਦੀ ਸਹਾਇਤਾ ਲਈ ਤਿੰਨ ਵੈਟਰਨਰੀ ਅਫ਼ਸਰਾਂ ਨੂੰ ਜ਼ਿਲ੍ਹਾ ਪਟਿਆਲਾ ਵਿਖੇ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਸਿਮਰਤ ਸਿੰਘ, ਡਾ. ਆਨੰਦ ਕੁਮਾਰ ਜੈਸਵਾਲ ਅਤੇ ਡਾ. ਭੁਪਿੰਦਰ ਸਿੰਘ ਨੂੰ ਤੁਰੰਤ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਵਿਖੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment