ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਇੱਕ ਵਾਰ ਫ਼ਿਰ ਪੁੱਛਗਿੱਛ ਕਰੇਗੀ। ਇਸ ਮਾਮਲੇ 'ਚ SIT ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਹੈ। ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਸਵੇਰੇ 10.30 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੁਖਬੀਰ ਬਾਦਲ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਵੇਲੇ ਸੂਬੇ ਦੇ ਗ੍ਰਹਿ ਮੰਤਰੀ ਸਨ।
ਜ਼ਿਕਰਯੋਗ ਹੈ ਕਿ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਨਿਹੱਥੇ ਸਿੱਖਾਂ ਉੱਤੇ ਪੁਲਿਸ ਫਾਇਰਿੰਗ ਦੇ ਹੁਕਮ ਕਿਸ ਨੇ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਐਸਆਈਟੀ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਗੋਲੀਬਾਰੀ ਦੇ ਸਮੇਂ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।
ਇਸ ਤੋਂ ਪਹਿਲਾਂ ਪਿਛਲੇ ਸਾਲ SIT ਨੇ ਕੋਟਕਪੂਰਾ ਗੋਲੀਬਾਰੀ ਕਾਂਡ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਪੰਜਾਬ ਪੁਲਿਸ ਦੀ ਐਸਆਈਟੀ ਸੈਕਟਰ-4 ਸਥਿਤ ਬਾਦਲ ਦੇ ਸਰਕਾਰੀ ਵਿਧਾਇਕ ਦੇ ਫਲੈਟ ’ਤੇ ਪੁੱਜੀ ਤੇ ਕਰੀਬ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਐਸਆਈਟੀ ਦੇ 80 ਤੋਂ ਵੱਧ ਸਵਾਲਾਂ ਦੇ ਜਵਾਬ ਦਿੱਤੇ।
ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਨੂੰ ਪਿਛਲੇ ਸਾਲ 16 ਜੂਨ ਨੂੰ ਤਲਬ ਕੀਤਾ ਸੀ ਪਰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ। ਇਸ ਤੋਂ ਬਾਅਦ ਉਸ ਨੂੰ ਮਿਲਣ ਲਈ 22 ਜੂਨ ਦਾ ਦਿਨ ਤੈਅ ਕੀਤਾ ਗਿਆ ਸੀ। ਉਸ ਤੋਂ ਪਹਿਲਾਂ ਪਿਛਲੇ ਸਾਲ ਸੇਵਾਮੁਕਤ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਗੋਲੀਬਾਰੀ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ।