Wednesday, April 02, 2025

Punjab

'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼, ਖੁਦ ਵਾਲੀਬਾਲ ਖੇਡ ਕੇ ਖਿਡਾਰੀਆਂ ਦਾ ਵਧਾਇਆ ਉਤਸ਼ਾਹ

CM Bhagwant mann

August 30, 2022 08:29 AM

ਜਲੰਧਰ : ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਮਹਾਂ ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਸ਼ਾਨਦਾਰ ਤੇ ਜੋਸ਼ੀਲੇ ਢੰਗ ਨਾਲ ਕੀਤਾ ਗਿਆ। ਇਹਨਾਂ ਖੇਡਾਂ ਅਤੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਆਪ ਹੀ ਮੈਦਾਨ 'ਚ ਉਤਰ ਆਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਾਲੀਬਾਲ ਮੈਚ 'ਚ ਹਿੱਸਾ ਲੈ ਕੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਕੀਤਾ। ਮੁੱਖ ਮੰਤਰੀ ਵੱਲੋਂ ਖੇਡ ਮੈਦਾਨ ਵਿੱਚ ਕੁੱਦਣ ਮੌਕੇ ਦਰਸ਼ਕ ਉਤਸ਼ਾਹ ਤੇ ਜੋਸ਼ ਨਾਲ ਲਬੋ-ਲਬ ਹੋਏ ਅਤੇ ਮੁੱਖ ਮੰਤਰੀ ਨੇ ਵਾਲੀਬਾਲ ਦੇ ਮੈਦਾਨ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

ਮੁੱਖ ਮੰਤਰੀ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲਗਭਗ ਦੋ ਮਹੀਨੇ ਚੱਲਣ ਵਾਲੇ ਇਸ ਸ਼ਾਨਦਾਰ ਖੇਡ ਮੇਲੇ ਦੇ ਉਦਘਾਟਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਕੁੰਭ ਵਿੱਚ ਵੱਖ-ਵੱਖ ਉਮਰ ਵਰਗਾਂ ਦੇ 4 ਲੱਖ ਤੋਂ ਵੱਧ ਖਿਡਾਰੀ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 28 ਖੇਡਾਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ ਅਤੇ ਇਹ ਖੇਡ ਮੇਲੇ ਹੁਣ ਹਰੇਕ ਸਾਲ ਹੋਇਆ ਕਰੇਗਾ।

ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅੱਜ ਹੱਸਦਾ, ਖੇਡਦਾ ਤੇ ਨੱਚਦਾ ਪੰਜਾਬ ਦੇਖ ਕੇ ਖੁਸ਼ੀ ਹੋਇਆ ਹੈ।” ਇਸ ਮੌਕੇ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਲਿਜਾਣ ਲਈ ਸੂਬਾ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੇਡਾਂ ਇਸ ਪਾਸੇ ਵੱਲ ਇੱਕ ਸਹੀ ਕਦਮ ਹੈ ਕਿਉਂਕਿ ਇਹ ਖੇਡਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਲੁਕਵੀਂ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰੇਗਾ ਜੋ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਫਾਇਦੇਮੰਦ ਹੋਵੇਗਾ। ਇਨ੍ਹਾਂ ਖੇਡਾਂ ਦੀ ਰੂਪ ਰੇਖਾ ਉਲੀਕਣ ਅਤੇ ਇਸ ਨੂੰ ਅਮਲੀਜਾਮਾ ਪਹਿਨਾਉਣ ਲਈ ਖੇਡ ਮੰਤਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਇਹ ਸਾਰੇ ਪ੍ਰਬੰਧ ਕਰਨ ਲਈ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਇਹ ਖੇਡਾਂ ਪੰਜਾਬ ਦੇ ਕੋਨੇ-ਕੋਨੇ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਨ੍ਹਾਂ ਖੇਡਾਂ ਨੂੰ ਨਿਰੰਤਰ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੱਧ ਤੋਂ ਵੱਧ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਵੱਧ ਤੋਂ ਵੱਧ ਸਿੱਖਿਅਤ ਖਿਡਾਰੀ ਪੈਦਾ ਕਰਨ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਖਿਡਾਰੀਆਂ ਨੂੰ ਭਾਰਤ ਲਈ ਓਲੰਪਿਕ ਮੈਡਲ ਜਿੱਤਣ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Have something to say? Post your comment