Nayab Singh Saini Oath Ceremony: ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਚਕੂਲਾ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਪੰਚਕੁਲਾ ਵਿੱਚ ਹੋਵੇਗਾ ਸਹੁੰ ਚੁੱਕ ਸਮਾਗਮ
ਜਾਣਕਾਰੀ ਮੁਤਾਬਕ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਹੁੰ ਚੁੱਕ ਸਮਾਗਮ ਦੁਪਹਿਰ 12.30 ਵਜੇ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਮੈਦਾਨ 'ਚ ਨਾਇਬ ਸਿੰਘ ਸੈਣੀ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਅਮਿਤ ਸ਼ਾਹ ਤੇ ਰਾਜਨਾਥ ਸਿੰਘ ਹੋਣਗੇ ਸਮਾਗਮ ਵਿੱਚ ਸ਼ਾਮਲ
ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਭਾਜਪਾ ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸ਼ਾਮਲ ਹੋਣਗੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨਗੇ ਸੈਣੀ
ਦੱਸ ਦੇਈਏ ਕਿ ਭਾਜਪਾ ਆਗੂ ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨਗੇ। ਇਸ ਸਾਲ ਦੇ ਸ਼ੁਰੂ ਵਿਚ ਉਨ੍ਹਾਂ ਨੂੰ ਮਨੋਹਰ ਲਾਲ ਖੱਟਰ ਦੀ ਥਾਂ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।
ਹਰਿਆਣਾ ਵਿੱਚ ਕੁੱਲ 13 ਮੰਤਰੀ ਚੁੱਕਣਗੇ ਸਹੁੰ
ਇਹ ਆਗੂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਸਹੁੰ ਚੁੱਕਣਗੇ:
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਿਲ ਵਿੱਜ, ਕ੍ਰਿਸ਼ਨ ਲਾਲ ਪੰਵਾਰ, ਕ੍ਰਿਸ਼ਨ ਬੇਦੀ, ਡਾ: ਕ੍ਰਿਸ਼ਨ ਲਾਲ ਮਿੱਡਾ, ਡਾ: ਅਰਵਿੰਦ ਸ਼ਰਮਾ, ਗੌਰਵ ਗੌਤਮ, ਰਾਜੇਸ਼ ਨਾਗਰ, ਵਿਪੁਲ ਗੋਇਲ, ਆਰਤੀ ਰਾਓ, ਰਾਓ ਨਰਵੀਰ ਸਿੰਘ, ਰਣਵੀਰ ਸਿੰਘ ਗੰਗਵਾ, ਸ਼ਰੂਤੀ ਚੌਧਰੀ ਅਤੇ ਮਹੀਪਾਲ ਢਾਂਡਾ ਨਵੀਂ ਕੈਬਿਨੇਟ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਕਾਬਲੇਗ਼ੌਰ ਹੈ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਈਆਂ ਚੋਣਾਂ ਵਿੱਚ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਵਿੱਚ 48 ਸੀਟਾਂ ਜਿੱਤ ਕੇ ਸੂਬੇ ਵਿੱਚ ਤੀਜੀ ਵਾਰ ਇਤਿਹਾਸਕ ਜਿੱਤ ਦਰਜ ਕੀਤੀ ਹੈ। ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਸਨ। ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਨਾਲ ਸੈਣੀ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪਾਰਟੀ ਆਗੂਆਂ ਨੇ ਦੱਸਿਆ ਕਿ ਇਸ ਵੱਡੇ ਸਮਾਗਮ ਵਿੱਚ ਕਰੀਬ 50,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।