Punjab News: ਪੰਜਾਬ ਸਰਕਾਰ ਨੇ 2015 ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਦਰਸ਼ਨ ਹੋਏ ਅਤੇ ਪੁਲਿਸ ਗੋਲੀਬਾਰੀ ਵਿੱਚ ਦੋ ਅੰਦੋਲਨਕਾਰੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਕਦਮ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਸੁਣਵਾਈ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਗਈ ਰੋਕ ਹਟਾਉਣ ਦੇ ਕੁਝ ਦਿਨ ਬਾਅਦ ਚੁੱਕਿਆ ਗਿਆ ਹੈ।
ਸੁਪਰੀਮ ਕੋਰਟ ਨੇ ਇਹ ਹੁਕਮ 18 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਵਿੱਚ ਦਰਜ ਤਿੰਨ ਕੇਸਾਂ ਦੀ ਸੁਣਵਾਈ ’ਤੇ ਰੋਕ ਲਾਉਣ ਵਾਲੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਤਾ ਸੀ।
ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦਾ ਕਾਰਜਭਾਰ ਹੈ, ਨੇ ਸੋਮਵਾਰ ਸ਼ਾਮ ਨੂੰ ਇਸ ਨੂੰ ਮਨਜ਼ੂਰੀ ਦੇ ਦਿੱਤੀ। 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ। ਅਕਤੂਬਰ 2015 ਵਿੱਚ, ਪੁਲਿਸ ਨੇ ਬੇਅਦਬੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਬਹਿਬਲ ਕਲਾਂ ਵਿੱਚ ਦੋ ਲੋਕ ਮਾਰੇ ਗਏ ਸਨ।