Wednesday, April 02, 2025

National

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

August 11, 2021 07:53 PM


ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ


ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਵੱਖ-ਵੱਖ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਮੋਦੀ ਨੂੰ ਤਿੰਨ ਖੇਤੀ ਕਾਨੂੰਨਾਂ ਦਾ ਜਾਇਜ਼ਾ ਲੈਣ ਦੀ ਮੰਗ ਕੀਤੀ। ਕੈਪਟਨ ਨੇ ਕਿਹਾ ਕਿ ਕਿਉਂ ਜੋ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨਾਂ ਵਿਚ ਵੱਡੀ ਪੱਧਰ ਉਤੇ ਰੋਹ ਪਾਇਆ ਜਾ ਰਿਹਾ ਹੈ ਜੋ ਕਿ ਬੀਤੇ 8-9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਪ੍ਰਦਰਸ਼ਨ ਕਰ ਰਹੇ ਹਨ। ਬੀਤੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿਚ ਆਪਣੀ ਜਾਨ ਗੁਆ ਚੁੱਕੇ 400 ਕਿਸਾਨਾਂ ਅਤੇ ਖੇਤ ਕਾਮਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦਾ ਪੰਜਾਬ ਅਤੇ ਮੁਲਕ ਲਈ ਸੁਰੱਖਿਆ ਦੇ ਲਿਹਾਜ਼ ਤੋਂ ਵੱਡਾ ਖਤਰਾ ਖੜ੍ਹਾ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਭਾਰਤ ਵਿਰੋਧੀ ਤਾਕਤਾਂ ਸਰਕਾਰ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਦਾ ਨਾਜਾਇਜ਼ ਲਾਹਾ ਚੁੱਕਣ ਦੀ ਤਾਕ ਵਿਚ ਹਨ। ਇਸ ਮੁੱਦੇ ਦਾ ਚਿਰਸਥਾਈ ਹੱਲ ਲੱਭਣ ਲਈ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਦਾ ਛੇਤੀ ਹੱਲ ਕੀਤੇ ਜਾਣ ਲਈ ਪ੍ਰਧਾਨ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਿਹਾ ਕਿਸਾਨ ਅੰਦੋਲਨ ਨਾ ਸਿਰਫ ਪੰਜਾਬ ਵਿਚ ਆਰਥਿਕ ਸਰਗਰਮੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਗੋਂ ਇਸ ਦਾ ਸਮਾਜਿਕ ਤਾਣੇ-ਬਾਣੇ ਉਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ, ਖਾਸ ਕਰ ਕੇ ਉਸ ਵੇਲੇ, ਜਦੋਂ ਸਿਆਸੀ ਪਾਰਟੀਆਂ ਅਤੇ ਬਾਕੀ ਸਮੂਹ ਆਪੋ-ਆਪਣੇ ਸਟੈਂਡ ਉਤੇ ਅੜੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜਾ ਦੇਣ ਅਤੇ ਡੀ.ਏ.ਪੀ. ਦੀ ਘਾਟ ਦੇ ਖਦਸ਼ਿਆਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਕਿਉਂ ਜੋ ਖਾਦ ਦੀ ਘਾਟ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਇਆ ਸੰਕਟ ਹੋਰ ਡੂੰਘਾ ਹੋ ਸਕਦਾ ਹੈ।
ਇਕ ਹੋਰ ਪੱਤਰ ਵਿਚ ਮੁੱਖ ਮੰਤਰੀ ਨੇ ਜੋਰ ਦੇ ਕੇ ਆਖਿਆ ਕਿ ਜ਼ਮੀਨਾਂ ਵੰਡੇ ਜਾਣ ਤੇ ਪਟੇ ਉਤੇ ਜ਼ਮੀਨ ਲੈਣ ਵਾਲਿਆਂ ਅਤੇ ਮਾਰਕੀਟ ਅਪਰੇਟਰਾਂ ਤੇ ਏਜੰਟਾਂ ਨਾਲ ਲਗਾਤਾਰ ਵਿਵਾਦ ਕਾਰਨ ਕਿਸਾਨਾਂ ਨੂੰ ਏਨੀ ਦਿਨੀਂ ਅਦਾਲਤੀ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਪਹਿਲਾਂ ਹੀ ਨਿਗੂਣੇ ਵਿੱਤੀ ਵਸੀਲਿਆਂ ਉਤੇ ਹੋਰ ਬੋਝ ਪੈਂਦਾ ਹੈ। ਅਜਿਹੇ ਅਦਾਲਤੀ ਮਾਮਲਿਆਂ ਨਾਲ ਕਿਸਾਨਾਂ ਉਤੇ ਪੈਂਦੇ ਵਿੱਤੀ ਬੋਝ ਨੂੰ ਘਟਾਉਣ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦਾ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਕੇਂਦਰੀ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ-1987 ਵਿਚ ਕੁਝ ਖਾਸ ਸ਼੍ਰੇਣੀਆਂ ਦੇ ਉਨ੍ਹਾਂ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਇਮਦਾਦ ਦੇਣ ਦਾ ਉਪਬੰਧ ਹੈ ਜੋ ਕਿ ਸਮਾਜ ਦੇ ਕਮਜੋਰ ਤਬਕੇ ਸਮਝੇ ਜਾਂਦੇ ਹਨ। ਕਿਸਾਨਾਂ ਨੂੰ ਵੀ ਇਨ੍ਹਾਂ ਵਿੱਚੋਂ ਹੀ ਇਕ ਸਮਝਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਕਈ ਵਾਰ ਵਿੱਤੀ ਸਮੱਸਿਆਵਾਂ ਕਰਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ, ਹਾਲਾਂਕਿ ਇਹ ਵਰਗ ਹੌਸਲਾ ਨਾ ਹਾਰਦੇ ਹੋਏ ਆਪਣੇ ਜਿੰਦਗੀ ਦੀ ਕੀਮਤ ਉਤੇ ਵੀ ਆਪਣੀ ਜ਼ਮੀਨ ਦੀ ਕਾਸ਼ਤ ਕਰਨ ਨੂੰ ਤਰਜੀਹ ਦਿੰਦੇ ਹਨ।

Have something to say? Post your comment