Punjab News: ਪੰਜਾਬ ਦੇ ਤਰਨਤਾਰਨ ਵਿੱਚ ਵਿਜੀਲੈਂਸ ਨੇ ਡਿਪਟੀ ਕਮਿਸ਼ਨਰ (ਡੀਸੀ) ਦੇ ਇੱਕ ਨਿੱਜੀ ਸਹਾਇਕ (ਪੀਏ) ਅਤੇ ਇੱਕ ਕਲਰਕ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਤੀਜਾ ਮੁਲਜ਼ਮ ਵੀ ਸ਼ਾਮਲ ਹੈ ਪਰ ਉਹ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਵਿਜੀਲੈਂਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਮੁਲਜ਼ਮਾਂ ਨੇ ਲੋਕ ਸਭਾ ਚੋਣਾਂ 2024 ਦੌਰਾਨ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲ ਕਲੀਅਰ ਕਰਨ ਬਦਲੇ ਇੱਕ ਵਿਅਕਤੀ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ।
ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।
50 ਹਜ਼ਾਰ ਰੁਪਏ ਵਿੱਚ ਹੋਇਆ ਸੀ ਸੌਦਾ
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਤਰਨਤਾਰਨ ਦੇ ਮੁਹੱਲਾ ਤਲਾਬ ਖੱਤਰੀਆਂ ਦੇ ਰਹਿਣ ਵਾਲੇ ਸੰਦੀਪ ਸਿੰਘ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲ ਕਲੀਅਰ ਕਰਨ ਲਈ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਬਾਅਦ ਵਿੱਚ ਸੌਦਾ 50 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਮੁਲਜ਼ਮ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20 ਰੁਪਏ ਲੈ ਰਹੇ ਸਨ।
ਵਿਜੀਲੈਂਸ ਨੇ ਵਿਛਾਇਆ ਜਾਲ
ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਕੀਤੀ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਫੜਨ ਲਈ ਜਾਲ ਵਿਛਾਇਆ ਗਿਆ। ਵਿਜੀਲੈਂਸ ਟੀਮ ਨੇ ਮੁਲਜ਼ਮ ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਵਿਜੀਲੈਂਸ
ਇਸ ਮਾਮਲੇ ਵਿੱਚ ਅੰਮ੍ਰਿਤਸਰ ਰੇਂਜ ਵਿਜੀਲੈਂਸ ਬਿਊਰੋ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕਰਕੇ ਮਾਮਲੇ ਦੀ ਪੁੱਛਗਿੱਛ ਕੀਤੀ ਜਾਵੇਗੀ।