Punjab News Today: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪਹੁੰਚੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਗਿਆ।
ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।