Gurmeet Ram Rahim Singh News: ਪੰਜਾਬ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਹ ਪਟੀਸ਼ਨ ਬੇਅਦਬੀ ਮਾਮਲੇ ਨਾਲ ਸਬੰਧਤ ਸੀ। ਪਟੀਸ਼ਨ 'ਚ ਡੇਰਾ ਮੁਖੀ ਰਾਮ ਰਹੀਮ ਨੇ ਬੇਅਦਬੀ ਮਾਮਲੇ 'ਚ ਉਸ ਵਿਰੁੱਧ ਦਰਜ ਐੱਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਨ ਦੀ ਮੰਗ ਕੀਤੀ ਸੀ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਮਹੀਨੇ ਹਾਈਕੋਰਟ ਵਲੋਂ ਡੇਰਾ ਮੁਖੀ ਖਿਲਾਫ ਇਨ੍ਹਾਂ ਮਾਮਲਿਆਂ 'ਚ ਮੁਕੱਦਮਾ ਚਲਾਉਣ 'ਤੇ ਲਗਾਈ ਰੋਕ ਨੂੰ ਹਟਾ ਦਿੱਤਾ ਸੀ। ਹੁਣ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ, ਇਸ ਲਈ ਹਾਈਕੋਰਟ 'ਚ ਸੁਣਵਾਈ ਦੀ ਲੋੜ ਨਹੀਂ ਹੈ। ਇਸ ਆਧਾਰ 'ਤੇ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਦੱਸ ਦਈਏ ਕਿ ਡੇਰਾ ਮੁਖੀ ਰਾਮ ਰਹੀਮ ਨੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਉਸ ਵਿਰੁੱਧ ਦਰਜ ਤਿੰਨੋਂ FIR ਦੀ ਜਾਂਚ ਪੰਜਾਬ ਪੁਲਿਸ ਦੀ SIT ਦੀ ਬਜਾਏ CBI ਤੋਂ ਕਰਵਾਈ ਜਾਵੇ। ਇਸ ਸਾਲ ਅਪ੍ਰੈਲ 'ਚ ਹਾਈਕੋਰਟ ਦੇ ਸਿੰਗਲ ਬੈਂਚ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ਨੂੰ ਡਬਲ ਬੈਂਚ 'ਚ ਸੁਣਵਾਈ ਲਈ ਭੇਜ ਦਿੱਤਾ ਸੀ ਅਤੇ ਇਸ ਮਾਮਲੇ 'ਚ ਡੇਰਾ ਮੁਖੀ ਖਿਲਾਫ ਚੱਲ ਰਹੇ ਕੇਸ ਦੀ ਸੁਣਵਾਈ 'ਤੇ ਵੀ ਰੋਕ ਲਗਾ ਦਿੱਤੀ ਸੀ।
ਪੰਜਾਬ ਸਰਕਾਰ ਨੇ ਸਿੰਗਲ ਬੈਂਚ ਦੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ ਗਈ। ਪਿਛਲੇ ਮਹੀਨੇ 18 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ’ਤੇ ਰੋਕ ਲਾਉਣ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ ਅਤੇ ਡੇਰਾ ਮੁਖੀ ਖ਼ਿਲਾਫ਼ ਕੇਸ ਚਲਾਉਣ ਲਈ ਹਰੀ ਝੰਡੀ ਦੇ ਦਿੱਤੀ ਸੀ।