ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਪੰਜਾਬ ਦੇ ਸਿਖਿਆ ਮੰਤਰੀ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਹੋਰ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪਾਜ਼ੇਟਿਵ ਆਏ ਸਨ ਪਰ ਹੋਰ ਥਾਵਾਂ 'ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਇਸ ਤੋਂ ਇਲਾਵਾ ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ। ਇਥੇ ਦਸ ਦਈਏ ਕਿ 26 ਜੁਲਾਈ ਨੂੰ ਪੰਜਾਬ ਸਰਕਾਰ ਨੇ 10ਵੀਂ ਤੋਂ 12ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ ਸੀ।