ਚੰਡੀਗੜ੍ਹ : ਨਗਰ ਨਿਗਮ ਦੀ ਨਵੀਂ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਕਿਹਾ ਕਿ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਚੰਡੀਗੜ੍ਹ ਸ਼ਹਿਰ ਨੂੰ ਸੁੰਦਰ ਬਣਾਉਣਾ ਅਤੇ ਸਵੱਛ ਸੂਚਕਾਂਕ ਵਿੱਚ ਪਹਿਲੇ ਸਥਾਨ 'ਤੇ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। 2007 ਬੈਚ ਦੇ ਆਈ.ਏ.ਐਸ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਆਪਣੇ ਦਫਤਰ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ, ਸ੍ਰੀਮਤੀ ਮਿੱਤਰਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਰਗੇ ਮਹੱਤਵਪੂਰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਦੋ ਵਾਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ
ਇਸ ਦੌਰਾਨ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼, ਪ੍ਰਭਾਵਸ਼ਾਲੀ, ਕੁਸ਼ਲ, ਪਾਰਦਰਸ਼ੀ ਅਤੇ ਨਾਗਰਿਕ ਕੇਂਦਰਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਵਿਗਿਆਨਕ ਢੰਗ ਨਾਲ ਕੂੜੇ ਦੇ ਸਹੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਯਤਨ ਵੀ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।