ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਰਾਵਤ ਵੱਲੋਂ ਦਿੱਤੇ ਗਏ ਸੰਕੇਤ ਅਸੰਤੁਸ਼ਟ ਵਿਧਾਇਕਾਂ ਨੂੰ ਝਟਕਾ ਦੇਣ ਵਾਲੇ ਸਨ।
ਪੰਜਾਬ ਮਾਮਲਿਆਂ ਦੇ ਇੰਚਾਰਜ ਨੇ ਕਿਹਾ ਕਿ ਉਹ ਆਗੂਆਂ ਵੱਲੋਂ ਉਠਾਏ ਮੁੱਦਿਆਂ ਨੂੰ ਸਬੰਧਤ ਸੀਨੀਅਰ ਆਗੂਆਂ ਨਾਲ ਉਠਾਉਣਗੇ ਅਤੇ ਪਾਰਟੀ ਹਾਈ ਕਮਾਂਡ ਨੂੰ ਜਾਣਕਾਰੀ ਦੇਣ ਲਈ ਦਿੱਲੀ ਜਾ ਰਹੇ ਹਨ।
ਚਾਰ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਰਾਵਤ ਨੂੰ ਮਿਲਣ ਲਈ ਦੇਹਰਾਦੂਨ ਗਏ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਦੇ ਵੀਰਵਾਰ ਨੂੰ ਨਵੀਂ ਦਿੱਲੀ ਜਾਣ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੇ ਮੰਗਲਵਾਰ ਨੂੰ ਇੱਥੇ ਇੱਕ ਮੀਟਿੰਗ ਕੀਤੀ ਸੀ ਅਤੇ ਮੁੱਖ ਮੰਤਰੀ ਦੀ ਬਦਲੀ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਅਧੂਰੇ ਵਾਅਦਿਆਂ ਕਾਰਨ ਉਨ੍ਹਾਂ 'ਤੇ ਵਿਸ਼ਵਾਸ ਉੱਠ ਗਿਆ ਹੈ।