Supreme Court : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਪਟੀਸ਼ਨ 'ਚ ਰਾਜੋਆਣਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਜੁਲਾਈ 2007 ਵਿੱਚ ਵਿਸ਼ੇਸ਼ ਅਦਾਲਤ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।
ਬਲਵੰਤ ਸਿੰਘ ਰਾਜੋਆਣਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਕਰੀਬ 26 ਸਾਲ ਜੇਲ੍ਹ ਕੱਟ ਚੁੱਕੇ ਹਨ। ਇਸ ਆਧਾਰ 'ਤੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਹੋਰ ਦੋਸ਼ੀਆਂ ਦੀਆਂ ਅਪੀਲਾਂ ਦਾ ਲੰਬਿਤ ਹੋਣਾ ਰਾਜੋਆਣਾ ਦੀ ਪਟੀਸ਼ਨ 'ਤੇ ਫੈਸਲੇ ਵਿੱਚ ਰੁਕਾਵਟ ਨਹੀਂ ਬਣੇਗਾ।
31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿੱਚ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ ਕਤਲ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਹੁਣ ਰਾਜੋਆਣਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਤੇ ਸੁਣਵਾਈ ਹੋ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਪਟੀਸ਼ਨ 'ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ।