Wednesday, April 02, 2025

Punjab

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ 'ਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ, ਪ੍ਰਾਜੈਕਟ 'ਤੇ ਖਰਚ ਹੋਣਗੇ 4 ਕਰੋੜ ਰੁਪਏ

Lal Chand Kataruchak

May 06, 2022 07:00 PM

ਹੁਸ਼ਿਆਰਪੁਰ/ਚੰਡੀਗੜ੍ਹ : ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿੱਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹੁਸ਼ਿਆਰਪੁਰ ਵਿਖੇ ਚੌਹਾਲ ਨੇਚਰ ਅਵੇਅਰਨੈਸ ਕੈਂਪ ਦੇ ਨਿਰੀਖਣ ਮੌਕੇ ਪ੍ਰਗਟ ਕੀਤੇ।

ਇਸ ਮੌਕੇ  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਸ ਸੁਪਨਮਈ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਅੱਗੇ ਦੱਸਿਆ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਬਾਰੀਕੀ ਨਾਲ ਹਰ ਪੱਖ ਤੋਂ ਜਾਇਜਾ ਲੈਣ ਆਏ ਹਨ। ਉਨ੍ਹਾਂ ਵਿਸ਼ਵਾਸ਼ ਪ੍ਰਗਟ ਕੀਤਾ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਚੌਹਾਲ ਡੈਮ ਦੇ ਨੇੜੇ ਇਕ ਨੇਚਰ ਅਵੇਅਰਨੈਸ ਕੈਂਪ ਸਥਾਪਿਤ ਕੀਤਾ ਜਾਵੇਗਾ।

 

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

Have something to say? Post your comment