ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਨੌਜਵਾਨਾਂ ਦੀਆਂ ਵੀ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਤੋਂ ਮੋਟੀਵੇਸ਼ਨਲ ਬੁਲਾਰੇ ਵਜੋਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਨਸ਼ਿਆਂ ਦੇ ਮਾਮਲੇ ਨਹੀਂ ਰੁਕਣਗੇ, ਉਸ ਇਲਾਕੇ ਦੇ ਐਸਐਚਓ ਤੇ ਐਸਐਸਪੀ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।
ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਦੀ ਮੀਟਿੰਗ ਸੱਦੀ। ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ।
ਉਨ੍ਹਾਂ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਕਿ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।