ਦਿੱਲੀ : ਮੁੰਡਕਾ ਵਿੱਚ ਇੱਕ ਮੈਟਰੋ ਸਟੇਸ਼ਨ ਨੇੜੇ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦਰ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਨਾਲ ਹੀ ਸਾਰੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਜਾਣਕਾਰੀ ਮੁਤਾਬਕ ਇਹ 4 ਮੰਜ਼ਿਲਾ ਇਮਾਰਤ ਹੈ, ਜਿਸ ਦੀ ਵਰਤੋਂ ਕੰਪਨੀਆਂ ਨੂੰ ਦਫ਼ਤਰੀ ਥਾਂ ਦੇਣ ਲਈ ਵਪਾਰਕ ਤੌਰ 'ਤੇ ਕੀਤੀ ਜਾਂਦੀ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਫੈਕਟਰੀ ਮਾਲਕ ਦੇ ਦੋਵੇਂ ਪੁੱਤਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਘਟਨਾ ਦੇ ਬਾਅਦ ਤੋਂ ਹੁਣ ਤੱਕ ਕਈ ਅਜਿਹੇ ਲੋਕ ਮਿਲੇ ਹਨ, ਜਿਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਅਜਿਹੇ 'ਚ ਜ਼ਖਮੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।