ਮੋਹਾਲੀ : ਕਾਂਗਰਸ ਛੱਡਣ ਦਾ ਐਲਾਨ ਕਰਨ ਤੋਂ ਬਾਅਦ ਦਿੱਗਜ ਆਗੂ ਸੁਨੀਲ ਜਾਖੜ ਉੱਪਰ ਦੂਜੀਆਂ ਪਾਰਟੀਆਂ ਦੀ ਅੱਖ ਹੈ। ਭਾਜਪਾ ਨੇ ਵੀ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਹੋਣ ਦਾ ਆਫਰ ਦਿੱਤਾ ਹੈ। ਭਾਜਪਾ ਆਗੂ ਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਾਖੜ ਵੱਡੇ ਆਗੂ ਹਨ। ਜੇਕਰ ਹਾਈਕਮਾਂਡ ਸਹਿਮਤ ਹੋ ਜਾਂਦੀ ਹੈ ਤਾਂ ਅਸੀਂ ਅਜਿਹੇ ਲੀਡਰਾਂ ਦਾ ਬਾਹਾਂ ਫੈਲਾ ਕੇ ਸਵਾਗਤ ਕਰਾਂਗੇ।
ਬਾਜਵਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦੀ ਕਮਜ਼ੋਰੀ ਕਾਰਨ ਸੁਨੀਲ ਜਾਖੜ ਨਾਲ ਅਜਿਹਾ ਸਲੂਕ ਕੀਤਾ ਗਿਆ। ਉਨ੍ਹਾਂ ਨੂੰ ਮੁਅੱਤਲ ਕਰਨ ਤੇ ਅਹੁਦਿਆਂ ਤੋਂ ਹਟਾਉਣ ਲਈ ਕਿਹਾ ਗਿਆ ਸੀ। ਜਾਖੜ ਪਰਿਵਾਰ ਨੇ 50 ਸਾਲਾਂ ਤੋਂ ਇਸ ਪਾਰਟੀ ਲਈ ਖੂਬ ਮਿਹਨਤ ਕੀਤੀ ਤੇ ਜਾਖੜ ਦਾ ਪਾਰਟੀ ਛੱਡਣਾ ਕਾਂਗਰਸ ਲਈ ਹੀ ਨੁਕਸਾਨਦਾਇਕ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਾਂਗਰਸ ਹਟਾਉਣ ਦੇ ਕੁਝ ਘੰਟਿਆਂ ਬਾਅਦ ਸ਼ਨੀਵਾਰ ਨੂੰ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਜਾਖੜ ਉਦੋਂ ਤੋਂ ਹੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਸਨ ਜਦੋਂ ਤੋਂ ਪਾਰਟੀ ਨੇ ਉਨ੍ਹਾਂ ਖਿਲਾਫ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਸੀ।ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਉਨ੍ਹਾਂ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ।